Breaking News
Home / ਹਫ਼ਤਾਵਾਰੀ ਫੇਰੀ / ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਭਾਰਤ-ਪਾਕਿਸਤਾਨ ਸਮਝੌਤੇ ਦੀ ਮਿਆਦ ਵਧਾਈ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਭਾਰਤ-ਪਾਕਿਸਤਾਨ ਸਮਝੌਤੇ ਦੀ ਮਿਆਦ ਵਧਾਈ

ਪਾਕਿ ਸਰਕਾਰ ਨੂੰ ਸ਼ਰਧਾਲੂਆਂ ਤੋਂ ਲਈ ਜਾਣ ਵਾਲੀ ਫੀਸ ਮੁਆਫ ਕਰਨ ਦੀ ਮੁੜ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਨੇ ਅਗਲੇ ਪੰਜ ਸਾਲਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤਾ ਨਵਿਆ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਪ੍ਰਤੀ ਸ਼ਰਧਾਲੂ 20 ਅਮਰੀਕੀ ਡਾਲਰ ਸਰਵਿਸ ਚਾਰਜ ਲਿਆ ਜਾਂਦਾ ਹੈ ਤੇ ਭਾਰਤ ਨੇ ਗੁਆਂਢੀ ਮੁਲਕ ਨੂੰ ਇਹ ਫੀਸ ਮੁਆਫ਼ ਕਰਨ ਦੀ ਮੁੜ ਅਪੀਲ ਕੀਤੀ ਹੈ।
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਐਕਸ ‘ਤੇ ਇਕ ਪੋਸਟ ਵਿਚ ਲਿਖਿਆ, ”ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਸਿੱਖ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਤੱਕ ਰਸਾਈ ਦੀ ਸਹੂਲਤ ਜਾਰੀ ਰੱਖੇਗੀ।” ਇਸ ਤੋਂ ਇਲਾਵਾ ਵਿਦੇਸ਼ ਮੰਤਰਾਲੇ ਨੇ ਕਿਹਾ, ”ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਤੇ ਸਮਝੌਤਾ ਪੰਜ ਹੋਰ ਸਾਲਾਂ ਲਈ ਨਵਿਆਇਆ ਗਿਆ ਹੈ।”
ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ 24 ਅਕਤੂਬਰ, 2019 ਨੂੰ ਸਮਝੌਤਾ ਹੋਇਆ ਸੀ ਜਿਸ ਤਹਿਤ ਭਾਰਤ ਤੋਂ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ, ਨਾਰੋਵਾਲ ਦੀ ਯਾਤਰਾ ਦੀ ਸਹੂਲਤ ਦਿੱਤੀ ਗਈ ਸੀ।
ਲਹਿੰਦੇ ਪੰਜਾਬ ‘ਚ ਹਿੰਦੂ ਤੇ ਸਿੱਖ ਪਰਿਵਾਰਾਂ ਨੂੰ ਨਕਦ ਰਾਸ਼ੀ ਦੇਵੇਗੀ ਸਰਕਾਰ
ਲਹਿੰਦੇ ਪੰਜਾਬ ਦੀ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਦੀਵਾਲੀ ਮੌਕੇ ਸੂਬੇ ਦੇ ਹਰੇਕ ਸਿੱਖ ਤੇ ਹਿੰਦੂ ਪਰਿਵਾਰ ਨੂੰ 10,000 ਪਾਕਿਸਤਾਨੀ ਰੁਪਏ ਦੇਵੇਗੀ। ਕੁੱਲ 2200 ਪਰਿਵਾਰਾਂ ਨੂੰ ਇਹ ਰਾਸ਼ੀ ਦਿੱਤੀ ਜਾਵੇਗੀ। ਪਾਕਿਸਤਾਨ ਦੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਸਿੱਖ ਅਤੇ ਹਿੰਦੂ ਪਰਿਵਾਰ ਨੂੰ ‘ਤਿਉਹਾਰ ਕਾਰਡ’ ਜਾਰੀ ਕਰੇਗੀ, ਜਿਸ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਦੀਵਾਲੀ ਮੌਕੇ ਉਨ੍ਹਾਂ ਨੂੰ 10,000 ਪਾਕਿਸਤਾਨੀ ਰੁਪਏ ਦਿੱਤੇ ਜਾਣਗੇ। ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਅਗਲੇ ਮਹੀਨੇ ਆਉਣ ਵਾਲੇ ਵਿਦੇਸ਼ੀ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਲਹਿੰਦੇ ਪੰਜਾਬ ਦੀ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ, ”ਸਾਡੇ ਹਿੰਦੂ ਅਤੇ ਸਿੱਖ ਭਰਾਵਾਂ ਨੂੰ ਤਿਉਹਾਰ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਫੌਰੀ ਸ਼ੁਰੂ ਕੀਤੀ ਜਾਵੇ।” ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 2200 ਸਿੱਖ ਤੇ ਹਿੰਦੂ ਪਰਿਵਾਰਾਂ ਲਈ ‘ਤਿਉਹਾਰ ਕਾਰਡ’ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਸਾਲ ਤੋਂ ਇਨ੍ਹਾਂ 2200 ਪਰਿਵਾਰਾਂ ਨੂੰ ਹਰੇਕ ਸਾਲ ਤਿਉਹਾਰ ਕਾਰਡ ਤਹਿਤ ਇਹ ਰਾਸ਼ੀ ਦਿੱਤੀ ਜਾਵੇਗੀ। ਭਾਰਤ ਤੋਂ ਸਿੱਖ ਸ਼ਰਧਾਲੂਆਂ ਦੇ 14 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚਣ ਦੀ ਸੰਭਾਵਨਾ ਹੈ।

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …