ਮੋਦੀ ਤੋਂ ਮੁਆਫ਼ੀ ਦੀ ਮੰਗ ਕਰਦਿਆਂ ਲੋਕ ਸਭਾ ‘ਚੋਂ ਕੀਤਾ ਵਾਕਆਊਟ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਖ਼ਿਲਾਫ਼ ਨਰਿੰਦਰ ਮੋਦੀ ਵੱਲੋਂ ਕੀਤੀ ਗਈ ‘ਰੇਨਕੋਟ’ ਵਾਲੀ ਟਿੱਪਣੀ ‘ਤੇ ਵੀਰਵਾਰ ਨੂੰ ਕਾਂਗਰਸ ਮੈਂਬਰਾਂ ਨੇ ਸੰਸਦ ਦੇ ਦੋਹਾਂ ਸਦਨਾਂ ‘ਚ ਜ਼ੋਰਦਾਰ ਹੰਗਾਮਾ ਕੀਤਾ ਜਿਸ ਕਾਰਨ ਦੋਵੇਂ ਸਦਨਾਂ ਦੀ ਕਾਰਵਾਈ ‘ਚ ਅੜਿੱਕਾ ਪਿਆ। ਪ੍ਰਧਾਨ ਮੰਤਰੀ ਤੋਂ ਮੁਆਫ਼ੀ ਦੀ ਮੰਗ ਕਰਦਿਆਂ ਕਾਂਗਰਸ ਮੈਂਬਰਾਂ ਨੇ ਲੋਕ ਸਭਾ ‘ਚੋਂ ਵਾਕਆਊਟ ਕਰ ਦਿੱਤਾ। ਸਿਫ਼ਰਕਾਲ ਦੌਰਾਨ ਲੋਕ ਸਭਾ ‘ਚ ਕਾਂਗਰਸ ਆਗੂ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਖ਼ਿਲਾਫ਼ ਟਿੱਪਣੀ ਕਰ ਕੇ ਉਨ੍ਹਾਂ ਦਾ ਅਪਮਾਨ ਕੀਤਾ ਹੈ ਜੋ ਸੰਸਦੀ ਲੋਕਤੰਤਰ ‘ਚ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਲਈ ਅਜਿਹੀ ਭਾਸ਼ਾ ਦੀ ਵਰਤੋਂ ਕਰਨਾ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।
ਇਸ ਦੌਰਾਨ ਕਾਂਗਰਸ ਮੈਂਬਰ ਸਪੀਕਰ ਦੇ ਆਸਣ ਸਾਹਮਣੇ ਆ ਗਏ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਸਪੀਕਰ ਸੁਮਿਤਰਾ ਮਹਾਜਨ ਨੇ ਕਿਹਾ ਕਿ ਦੂਜੇ ਸਦਨ ਦੀ ਗੱਲ ਨੂੰ ਲੋਕ ਸਭਾ ‘ਚ ਨਹੀਂ ਉਠਾਇਆ ਜਾ ਸਕਦਾ ਹੈ। ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਨੰਤ ਕੁਮਾਰ ਨੇ ਵੀ ਅਜਿਹੀ ਦਲੀਲ ਦਿੰਦਿਆਂ ਸਿਫ਼ਰਕਾਲ ਦੀ ਕਾਰਵਾਈ ਚੱਲਣ ਦੇਣ ਦੀ ਅਪੀਲ ਕੀਤੀ। ਜਦੋਂ ਸਪੀਕਰ ਨੇ ਕਾਂਗਰਸ ਮੈਂਬਰਾਂ ਨੂੰ ਆਪਣੀ ਗੱਲ ਰੱਖਣ ਦੀ ਇਜਾਜ਼ਤ ਨਾ ਦਿੱਤੀ ਤਾਂ ਉਨ੍ਹਾਂ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਸਦਨ ‘ਚੋਂ ਵਾਕਆਊਟ ਕਰ ਦਿੱਤਾ। ਉਧਰ ਰਾਜ ਸਭਾ ‘ਚ ਮਨਮੋਹਨ ਸਿੰਘ ਖ਼ਿਲਾਫ਼ ਕੀਤੀਆਂ ਗਈਆਂ ਟਿੱਪਣੀਆਂ ਦੇ ਵਿਰੋਧ ‘ਚ ਵੀਰਵਾਰ ਨੂੰ ਕਾਂਗਰਸ ਮੈਂਬਰਾਂ ਨੇ ਨਾਅਰੇਬਾਜ਼ੀਕੀਤੀ। ਹੰਗਾਮੇ ਕਾਰਨ ਸਿਫ਼ਰਕਾਲ ਅਤੇ ਪ੍ਰਸ਼ਨਕਾਲ ਨਹੀਂ ਹੋ ਸਕੇ। ਕਾਂਗਰਸ, ਖੱਬੇ ਪੱਖੀਆਂ ਅਤੇ ਜਨਤਾ ਦਲ (ਯੂ) ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਨ ‘ਤੇ ਧੰਨਵਾਦ ਮਤੇ ਦੌਰਾਨ ਮਨਮੋਹਨ ਸਿੰਘ ਖ਼ਿਲਾਫ਼ ਕੀਤੀਆਂ ਟਿੱਪਣੀਆਂ ‘ਤੇ ਇਤਰਾਜ਼ ਜਤਾਇਆ ਅਤੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ। ਕਾਂਗਰਸ ਮੈਂਬਰ ਆਨੰਦ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਬਹਿਸ ਦਾ ਪੱਧਰ ਡੇਗ ਦਿੱਤਾ ਹੈ ਅਤੇ ਪਾਰਟੀ ਇਸ ਦਾ ਵਿਰੋਧੀ ਕਰੇਗੀ। ਡਿਪਟੀ ਚੇਅਰਮੈਨ ਪੀ ਜੇ ਕੁਰੀਅਨ ਨੇ ਕਿਹਾ ਕਿ ਮੋਦੀ ਦੀਆਂ ਟਿੱਪਣੀਆਂ ਦਾ ਮਾਮਲਾ ਖ਼ਤਮ ਹੋ ਚੁੱਕਿਆ ਹੈ ਅਤੇ ਉਹ ਬਹਿਸ ਨੂੰ ਦੁਬਾਰਾ ਸ਼ੁਰੂ ਨਹੀਂ ਕਰਵਾ ਸਕਦੇ। ਦਿਗਵਿਜੈ ਸਿੰਘ ਨੇ ਮਨਮੋਹਨ ਸਿੰਘ ਅਤੇ ਇੰਦਰਾ ਗਾਂਧੀ ਖ਼ਿਲਾਫ਼ ਕੀਤੀਆਂ ਗਈਆਂ ਟਿੱਪਣੀਆਂ ਨੂੰ ਸੰਸਦ ਦੀ ਕਾਰਵਾਈ ‘ਚੋਂ ਕੱਢਣ ਦੀ ਮੰਗ ਕੀਤੀ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …