Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀਆਂ ਨੇ ਮਾਪੇ-ਅਧਿਆਪਕ ਮਿਲਣੀ ‘ਚ ਕੀਤੀ ਸ਼ਮੂਲੀਅਤ

ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀਆਂ ਨੇ ਮਾਪੇ-ਅਧਿਆਪਕ ਮਿਲਣੀ ‘ਚ ਕੀਤੀ ਸ਼ਮੂਲੀਅਤ

20 ਹਜ਼ਾਰ ਸਰਕਾਰੀ ਸਕੂਲਾਂ ਵਿਚ 27 ਲੱਖ ਮਾਪੇ ਪਹੁੰਚੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਲਈ ਸੂਬੇ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਤੀਜੀ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ 27 ਲੱਖ ਮਾਪਿਆਂ ਨੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਆਪਣੇ ਬੱਚਿਆਂ ਦੀ ਸਿੱਖਿਆ ਰਿਪੋਰਟ ਹਾਸਲ ਕੀਤੀ।
ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਸਿੱਖਿਆ ਪੱਧਰ ਵਿੱਚ ਸੁਧਾਰ ਕਰਨ ਲਈ ਕੀਤੇ ਯਤਨਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਦੇ ਸਰਕਾਰੀ ਸਕੂਲ ਲੜਕਿਆਂ ਵਿੱਚ ਪਹੁੰਚੇ। ਇੱਥੇ ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਉਧਰ, ਕੈਬਨਿਟ ਮੰਤਰੀ ਅਮਨ ਅਰੋੜਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੁਨਾਮ ਊਧਮ ਸਿੰਘ ਵਾਲਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਲੌਂਗੋਵਾਲ ਵਿੱਚ ਪਹੁੰਚੇ। ਡਾ. ਰਵਜੋਤ ਸਿੰਘ ਨੇ ਸਕੂਲ ਆਫ਼ ਐਮੀਨੈਂਸ ਨਵਾਂ ਸ਼ਹਿਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਾਡਲਾ, ਹਰਦੀਪ ਸਿੰਘ ਮੁੰਡੀਆਂ ਨੇ ਸਕੂਲ ਆਫ਼ ਐਮੀਨੈਂਸ ਡੇਰਾਬੱਸੀ ਸਕੂਲ ਦਾ ਦੌਰਾ ਕੀਤਾ।
ਇਸ ਤੋਂ ਇਲਾਵਾ ਹੋਰਨਾਂ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੇ ਸੂਬੇ ਦੇ ਵੱਖ-ਵੱਖ ਸਕੂਲਾਂ ਵਿੱਚ ਪਹੁੰਚ ਕੇ ਸੂਬਾ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਸੁਧਾਰਾਂ ਨੂੰ ਲੋਕਾਂ ਤੱਕ ਪਹੁੰਚਾਇਆ। ਜ਼ਿਕਰਯੋਗ ਹੈ ਕਿ ਪਿਛਲੀ ਵਾਰ ਮਾਪੇ-ਅਧਿਆਪਕ ਮਿਲਣੀ ਵਿੱਚ 19 ਲੱਖ ਮਾਪਿਆਂ ਨੇ ਸ਼ਮੂਲੀਅਤ ਕੀਤੀ ਸੀ, ਜਿਨ੍ਹਾਂ ਨੇ ਕਈ ਸੁਝਾਅ ਵੀ ਸਕੂਲ ਪ੍ਰਬੰਧਕਾਂ ਨੂੰ ਦਿੱਤੇ ਸਨ। ਇਸ ਵਾਰ 27 ਲੱਖ ਮਾਪਿਆਂ ਨੇ ਸ਼ਮੂਲੀਅਤ ਕੀਤੀ ਹੈ।
ਸਕੂਲ ਆਫ ਐਮੀਨੈਂਸ ਨੰਗਲ ਵਿੱਚ ਮਾਪੇ-ਅਧਿਆਪਕ ਮਿਲਣੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੁੱਖ ਮੰਤਰੀ ਦਾ ਵਿਦਿਆਰਥੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਭਗਵੰਤ ਮਾਨ ਨੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਵਿਚਾਰ ਵੀ ਸੁਣੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾ ‘ਤੇ ਬੂਰ ਵੀ ਪੈਣ ਲੱਗਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਲੋਕਾਂ ਦਾ ਝੁਕਾਅ ਨਿੱਜੀ ਸਕੂਲਾਂ ਤੋਂ ਹਟ ਗਿਆ ਹੈ ਤੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੰਸਦ ਮਾਲਵਿੰਦਰ ਸਿੰਘ ਕੰਗ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Check Also

ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ 60 ਉਮੀਦਵਾਰ ਮੈਦਾਨ

ਸਭ ਤੋਂ ਜ਼ਿਆਦਾ 20 ਉਮੀਦਵਾਰ ਗਿੱਦੜਬਾਹਾ ਸੀਟ ਤੋਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ …