ਅਕਾਲੀ ਦਲ ਵਲੋਂ ਜ਼ਿਮਨੀ ਚੋਣਾਂ ’ਚੋਂ ਪਿੱਛੇ ਹਟਣ ਨੂੰ ਬਾਜਵਾ ਨੇ ਦੱਸਿਆ ਭਾਜਪਾ ਦੀ ਸਾਜਿਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ’ਚ 13 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਇਕ ਦੂਜੇ ’ਤੇ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ। ਪੰਜਾਬ ’ਤੇ ਲੰਮਾ ਸਮਾਂ ਰਾਜ ਕਰਨ ਵਾਲਾ ਸ਼ੋ੍ਰਮਣੀ ਅਕਾਲੀ ਦਲ ਜ਼ਿਮਨੀ ਚੋਣਾਂ ’ਚੋਂ ਪਿੱਛੇ ਹਟ ਗਿਆ ਹੈ। ਇਸ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਅਕਾਲੀ ਦਲ ਦਾ ਜ਼ਿਮਨੀ ਚੋਣਾਂ ਵਿਚੋਂ ਪਿੱਛੇ ਹਟਣਾ, ਭਾਰਤੀ ਜਨਤਾ ਪਾਰਟੀ ਦੀ ਵੱਡੀ ਸਾਜਿਸ਼ ਦਾ ਹਿੱਸਾ ਹੈ। ਬਾਜਵਾ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਸਲਾ ਹੈ ਅਤੇ ਇਸ ਪਿੱਛੇ ਭਾਜਪਾ ਦੀ ਰਣਨੀਤੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਵਿਰੋਧੀ ਸਿਆਸੀ ਪਾਰਟੀਆਂ ਚੋਣ ਪਿੜ ਵਿੱਚੋਂ ਬਾਹਰ ਹੋ ਰਹੀਆਂ ਹਨ, ਉਸ ਤੋਂ ਇਹ ਜਾਪਦਾ ਹੈ ਕਿ ਭਾਜਪਾ ਸੂਬੇ ਵਿੱਚ ਵੱਡੀ ਖੇਡ ਖੇਡਣ ਜਾ ਰਹੀ ਹੈ।