ਉਮੀਦਵਾਰ ਆਪੋ-ਆਪਣੇ ਹਲਕਿਆਂ ਵਿਚ ਚੋਣ ਪ੍ਰਚਾਰ ’ਚ ਜੁਟੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ 4 ਵਿਧਾਨ ਸਭਾ ਹਲਕਿਆਂ ਵਿਚ ਹੋਣ ਵਾਲੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਅੱਜ ਨਿੱਬੜ ਗਿਆ ਹੈ। ਆਮ ਆਦਮੀ ਪਾਰਟੀ, ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰ ਦਿੱਤੇ ਗਏ ਹਨ ਅਤੇ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਇਨ੍ਹਾਂ ਜ਼ਿਮਨੀ ਚੋਣਾਂ ਵਿਚ ਹਿੱਸਾ ਨਹੀਂ ਲੈ ਰਿਹਾ ਹੈ। ਆਉਂਦੀ 13 ਨਵੰਬਰ ਨੂੰ ਹੋਣ ਵਾਲੀਆਂ ਇਨ੍ਹਾਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਆਪੋ-ਆਪਣੇ ਹਲਕਿਆਂ ਵਿਚ ਚੋਣ ਪ੍ਰਚਾਰ ਵਿਚ ਜੁਟੇ ਹੋਏ ਹਨ ਅਤੇ ਆਪਣੀ-ਆਪਣੀ ਜਿੱਤ ਦਾ ਦਾਅਵਾ ਕਰ ਰਹੇ ਹਨ। ਦੱਸਣਯੋਗ ਹੈ ਕਿ ਇਨ੍ਹਾਂ 4 ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀ ਜ਼ਿਮਨੀ ਚੋਣ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣੇ ਹਨ।