ਸੂਬਾ ਸਰਕਾਰ ਖਿਲਾਫ ਜੰਮ ਕੇ ਕੀਤੀ ਗਈ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਝੋਨੇ ਦੀ ਧੀਮੀ ਖਰੀਦ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਨੇ ਅੱਜ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਚਾਰ ਘੰਟੇ ਸੜਕਾਂ ਜਾਮ ਕੀਤੀਆਂ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਵਾਰ-ਵਾਰ ਮੰਗਾਂ ਉਠਾਏ ਜਾਣ ਦੇ ਬਾਵਜੂਦ ਵੀ ਝੋਨੇ ਦੀ ਖਰੀਦ ਵਿਚ ਕੋਈ ਸੁਧਾਰ ਨਹੀਂ ਹੋਇਆ ਹੈ। ਇਸ ਮੌਕੇ ਲੁਧਿਆਣਾ ’ਚ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਸਰਕਾਰ ਦੀ ਆਪਸੀ ਅਣਬਣ ਕਾਰਨ ਪੰਜਾਬ ਦਾ ਵੱਡਾ ਆਰਥਿਕ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਵੇਚੇ ਗਏ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਮੰਡੀਆਂ ਵਿਚ ਝੋਨਾ ਸੁੱਟਣ ਲਈ ਥਾਂ ਦੀ ਘਾਟ ਕਾਰਨ ਖੱਜਲ ਖੁਆਰ ਹੋ ਰਹੇ ਹਨ। ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਝੋਨੇ ਦੀ ਖਰੀਦ ਦੇ ਪ੍ਰਬੰਧ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ।