ਕਿਹਾ : ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਇਤਰਾਜ਼ਯੋਗ ਟਿੱਪਣੀਆਂ ਕਰਨ ਲਈ ਮੁਆਫੀ ਦਿੱਤੇ ਜਾਣ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਵਲੋਂ ਇਹ ਮੁਆਫੀਨਾਮਾ ਪੱਤਰ ਸਥਾਨਕ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਦੁਆਰਾ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਇਕ ਚੈਨਲ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਵਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਪ੍ਰਤੀ ਕੁਝ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ, ਜਿਸ ਸੰਬੰਧੀ ਉਨ੍ਹਾਂ ਅੱਜ ਜਥੇਦਾਰ ਨੂੰ ਪੱਤਰ ਭੇਜ ਕੇ ਮੁਆਫੀ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਨੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਉੱਥੋਂ ਦੇ ਜੱਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ ਹਨ। ਜੇਕਰ ਅਣਜਾਣੇ ਵਿੱਚ ਮੈਥੋਂ ਇਸ ਮਹਾਨ ਸੰਸਥਾ ਦੀ ਸ਼ਾਨ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਖਿਮਾਂ ਦਾ ਜਾਚਕ ਹਾਂ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਾਹਮਣੇ ਸਿਰ ਝੁਕਾਉਂਦਾ ਹੋਇਆ ਜਥੇਦਾਰ ਸਾਹਿਬ ਪਾਸੋਂ ਮੁਆਫ਼ੀ ਦਾ ਤਲਬਗਾਰ ਹਾਂ।