ਤਰੁਣਪ੍ਰੀਤ ਸਿੰਘ ਸੋਂਧ ਨੇ ਚੰਡੀਗੜ੍ਹ ’ਚ ਕੀਤੀ ਪ੍ਰੈਸ ਕਾਨਫਰੰਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਮੰਤਰੀ ਸੋਂਧ ਨੇ ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਬਾਰੇ ਗੱਲਬਾਤ ਕਰਦਿਆਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਅੰਮਿ੍ਰਤਸਰ ਜ਼ਿਲ੍ਹੇ ਵਿਚ ਇਕ ਕਾਂਗਰਸੀ ਆਗੂ ਨੂੰ ਨਸ਼ਿਆਂ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਸੀ। ਕੈਬਨਿਟ ਮੰਤਰੀ ਸੋਂਧ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਕਿ ਕਾਂਗਰਸ ਪਾਰਟੀ ਨਾਲ ਸਬੰਧ ਰੱਖਣ ਵਾਲੇ ਵਿਅਕਤੀ ਕੋਲੋਂ ਵੱਡੀ ਮਾਤਰਾ ਵਿਚ ਨਸ਼ਾ ਬਰਾਮਦ ਹੋਇਆ ਹੈ। ਮੰਤਰੀ ਨੇ ਇਹ ਵੀ ਦੱਸਿਆ ਕਿ ਪਿਛਲੇ ਦਿਨੀਂ ਫਿਰੋਜ਼ਪੁਰ ਦੀ ਇਕ ਸਾਬਕਾ ਕਾਂਗਰਸੀ ਵਿਧਾਇਕਾ, ਜਿਹੜੀ ਭਾਜਪਾ ਵਿਚ ਸ਼ਾਮਲ ਹੋ ਗਈ ਸੀ, ਉਸ ਨੂੰ ਵੀ ਨਸ਼ਿਆਂ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਸੀ। ਇਸ ਮਗਰੋਂ ਭਾਜਪਾ ਨੇ ਸਾਬਕਾ ਵਿਧਾਇਕਾ ਸਤਕਾਰ ਕੌਰ ਗਹਿਰੀ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ। ਮੰਤਰੀ ਤਰੁਣਪ੍ਰੀਤ ਨੇ ਆਰੋਪ ਲਗਾਇਆ ਕਿ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਦੌਰਾਨ ਨਸ਼ਿਆਂ ਦਾ ਰੁਝਾਨ ਵਧਿਆ ਹੈ।