ਕੇਜਰੀਵਾਲ ਅਤੇ ਭਗਵੰਤ ਮਾਨ 9 ਤੇ 10 ਨਵੰਬਰ ਨੂੰ ਕਰਨਗੇ ਚੋਣ ਰੈਲੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ 4 ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ’ਚ 20 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਧਿਆਨ ਰਹੇ ਕਿ ਇਹ ਜ਼ਿਮਨੀ ਚੋਣਾਂ ਪਹਿਲਾਂ 13 ਨਵੰਬਰ ਨੂੰ ਹੋਣੀਆਂ ਸਨ, ਪਰ ਇਨ੍ਹਾਂ ਚੋਣਾਂ ਦੀ ਤਰੀਕ ਬਦਲ ਕੇ 20 ਨਵੰਬਰ ਕਰ ਦਿੱਤੀ ਗਈ ਹੈ ਅਤੇ ਨਤੀਜੇ 23 ਨਵੰਬਰ ਨੂੰ ਆਉਣੇ ਹਨ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਕੱਲ੍ਹ ਬਰਨਾਲਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਰੋਡ ਸ਼ੋਅ ਕੀਤਾ ਹੈ। ਇਸ ਦੇ ਚੱਲਦਿਆਂ 9 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਾਂਝੇ ਤੌਰ ’ਤੇ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਚੋਣ ਰੈਲੀਆਂ ਕਰਨਗੇ। ਇਸੇ ਤਰ੍ਹਾਂ ਕੇਜਰੀਵਾਲ ਅਤੇ ਭਗਵੰਤ ਮਾਨ 10 ਨਵੰਬਰ ਨੂੰ ਗਿੱਦੜਬਾਹਾ ਅਤੇ ਬਰਨਾਲਾ ਵਿਚ ਵੀ ਚੋਣ ਰੈਲੀਆਂ ਕਰਨਗੇ। ਇਨ੍ਹਾਂ ਜ਼ਿਮਨੀ ਚੋਣਾਂ ਵਿਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਹੈ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਇਨ੍ਹਾਂ ਚੋਣਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਨਹੀਂ ਕੀਤੇ ਹਨ। ਜ਼ਿਕਰਯੋਗ ਹੈ ਕਿ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 8 ਨਵੰਬਰ ਨੂੰ ਵੀ ਪੰਜਾਬ ਪਹੁੰਚਣਗੇ ਅਤੇ ਮੁੱਖ ਮਹਿਮਾਨ ਵਜੋਂ ਲੁਧਿਆਣਾ ਵਿੱਚ ਹੋ ਰਹੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ।