ਹਾਈਕੋਰਟ ਨੇ 10 ਦਿਨਾਂ ਵਿਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖਤ ਰੁਖ ਅਖਤਿਆਰ ਕੀਤਾ ਹੈ। ਹਾਈਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਅਤੇ ਸੂਬੇ ਦੇ ਚੋਣ ਕਮਿਸ਼ਨ ਨੂੰ ਮਾਣਹਾਨੀ ਦਾ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਇਨ੍ਹਾਂ ’ਤੇ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਦਾ ਆਰੋਪ ਹੈ। ਇਸ ਤੋਂ ਪਹਿਲਾਂ ਅਦਾਲਤ ਨੇ 15 ਦਿਨਾਂ ਵਿਚ ਨਗਰ ਨਿਗਮ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਪੰਜਾਬ ਸਰਕਾਰ ਅਤੇ ਸੂਬੇ ਦੇ ਚੋਣ ਕਮਿਸ਼ਨ ਨੂੰ ਦਿੱਤੇ ਸਨ। ਪਰ ਇਸ ਸਬੰਧੀ ਕੋਈ ਵੀ ਕਾਰਵਾਈ ਨਹੀਂ ਹੋਈ ਹੈ, ਜਿਸ ਤੋਂ ਬਾਅਦ ਅਦਾਲਤ ਵਿਚ ਇਸ ਸਬੰਧੀ ਪਟੀਸ਼ਨ ਦਾਇਰ ਹੋਈ ਹੈ। ਇਸਦੇ ਚੱਲਦਿਆਂ ਅਦਾਲਤ ਨੇ ਕਿਹਾ ਕਿ ਹੁਣ 10 ਦਿਨਾਂ ਵਿਚ ਨੋਟੀਫਿਕੇਸ਼ਨ ਜਾਰੀ ਨਾ ਹੋਇਆ ਤਾਂ 50 ਹਜ਼ਾਰ ਰੁਪਏ ਜੁਰਮਾਨਾ ਲੱਗੇਗਾ ਅਤੇ ਮਾਣਹਾਨੀ ਦਾ ਕੇਸ ਵੀ ਚੱਲੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਫਗਵਾੜਾ, ਅੰਮਿ੍ਰਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਨਗਰ ਨਿਗਮਾਂ ਦਾ ਕਾਰਜਕਾਲ ਖਤਮ ਹੋ ਚੁੱਕਾ ਹੈ।