![](https://parvasinewspaper.com/wp-content/uploads/2024/11/Photo-PU.jpg)
ਕੇਂਦਰ ਸਰਕਾਰ ਖਿਲਾਫ ਕੱਢੀ ਭੜਾਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਸੈਨੇਟ ਚੋਣਾਂ ਨਾ ਕਰਵਾਉਣ ਦੇ ਵਿਰੋਧ ਵਿਚ ਵਿਰੋਧੀ ਧਿਰ ਇਕਜੁੱਟ ਹੋ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵਲੋਂ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਪ੍ਰਗਟ ਸਿੰਘ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਸਣੇ ਕਈ ਵੱਡੇ ਆਗੂ ਸ਼ਾਮਲ ਹੋਏ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਦੇ ਅਧਿਕਾਰ ਖੋਹੇ ਜਾ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਪ੍ਰਮੁੱਖ ਸੰਸਥਾਵਾਂ ਨੂੰ ਕੇਂਦਰ ਵਲੋਂ ਹਥਿਆਉਣ ਦੀਆਂ ਕੋਸ਼ਿਸ਼ਾਂ ਵਾਰ-ਵਾਰ ਹੋ ਰਹੀਆਂ ਹਨ। ਇਨ੍ਹਾਂ ਸਾਰਿਆਂ ਨੇ ਇਕਜੁੱਟ ਹੋ ਕੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਜਲਦ ਕਰਵਾਈਆਂ ਜਾਣ।