ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਕਾਨੂੰਨ ਬਣਾਉਣ ਦੀ ਕੀਤੀ ਤਿਆਰੀ
ਮੈਲਬਰਨ/ਬਿਊਰੋ ਨਿਊਜ਼
ਆਸਟਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸਖਤ ਕਾਨੂੰਨ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਕਿਹਾ ਹੈ ਕਿ ਇਸ ਸਬੰਧੀ ਬਿੱਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਦੀਆਂ ਡਿਜੀਟਲ ਯੁੱਗ ’ਚ ਵਧ ਰਹੀਆਂ ਚਿੰਤਾਵਾਂ ਜਾਇਜ਼ ਹਨ ਅਤੇ ਸਰਕਾਰ ਬੱਚਿਆਂ ਨੂੰ ਇਨ੍ਹਾਂ ਆਨਲਾਈਨ ਖਤਰਿਆਂ ਤੋਂ ਬਚਾਉਣ ਲਈ ਵਚਨਬੱਧ ਹੈ। ਇਸ ਬਿੱਲ ਬਾਰੇ ਵਿਸਥਾਰ ’ਚ ਰਿਪੋਰਟ ਹਾਲੇ ਆਉਣੀ ਬਾਕੀ ਹੈ ਪਰ ਆਸਟਰੇਲੀਆ ਦੁਨੀਆ ’ਚ ਅਜਿਹਾ ਪਹਿਲਾ ਮੁਲਕ ਹੋਵੇਗਾ ਜਿੱਥੇ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ ’ਤੇ ਪਾਬੰਦੀ ਹੋਵੇਗੀ। ਇਸਦੇ ਨਾਲ ਹੀ ਮਾਪਿਆਂ ਦੀ ਇਜ਼ਾਜਤ ਤੋਂ ਬਾਅਦ ਹੀ 16 ਸਾਲ ਤੋਂ ਘੱਟ ਉਮਰ ਦੇ ਬੱਚੇ ਸ਼ੋਸਲ ਮੀਡੀਆ ’ਤੇ ਆ ਸਕਣਗੇ। ਧਿਆਨ ਰਹੇ ਕਿ ਆਸਟਰੇਲੀਆ ਦੇ ਮੰਨੇ-ਪ੍ਰਮੰਨੇ ਮਾਹਿਰਾਂ ਨੇ ਸਰਕਾਰ ਨੂੰ ਇਹ ਅਪੀਲ ਕੀਤੀ ਸੀ ਕਿ ਬੱਚਿਆਂ ਦਾ ਆਨਲਾਈਨ ਖਤਰਿਆਂ ਤੋਂ ਬਚਾਅ ਕਰਨਾ ਲਾਜ਼ਮੀ ਹੈ ਕਿਉਂਕਿ ਸੋਸ਼ਲ ਮੀਡੀਆ ਤੇ ਵੀਡੀਓ ਪਲੈਟਫਾਰਮ ਬੱਚਿਆਂ ਦੀ ਮਾਨਸਿਕ ਸਿਹਤ ਬੁਰੀ ਤਰ੍ਹਾਂ ਵਿਗਾੜ ਰਹੇ ਹਨ।