ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ
ਲਖਨਊ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ ਵੱਡਾ ਮਤਾ ਸਾਹਮਣੇ ਆਇਆ ਹੈ। ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਹੁਣ ਮਰਦ ਦਰਜੀ ਕੱਪੜੇ ਸਿਉਂਣ ਲਈ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ। ਫੈਸਲੇ ਅਨੁਸਾਰ ਹਰ ਬੁਟੀਕ ਵਿਚ ਔਰਤਾਂ ਦਾ ਮਾਪ ਇਕ ਔਰਤ ਹੀ ਲੈ ਸਕੇਗੀ। ਮਹਿਲਾ ਕਮਿਸ਼ਨ ਦਾ ਕਹਿਣਾ ਹੈ ਕਿ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਇਹ ਮਤਾ ਲਿਆਂਦਾ ਗਿਆ ਹੈ। ਇਸ ਤੋਂ ਇਲਾਵਾ ਮਹਿਲਾ ਕਮਿਸ਼ਨ ਨੇ ਕਿਹਾ ਹੈ ਕਿ ਔਰਤਾਂ ਦੇ ਜਿਮ ਵਿਚ ਔਰਤਾਂ ਹੀ ਟਰੇਨਰ ਹੋਣਗੀਆਂ। ਇਸ ਤੋਂ ਇਲਾਵਾ ਪੈਨਲ ਨੇ ਸੁਝਾਅ ਦਿੱਤਾ ਹੈ ਕਿ ਜਿੰਮ ਅਤੇ ਯੋਗਾ ਸੈਂਟਰ ਵਿਚ ਡੀ.ਵੀ.ਆਰ. ਸਮੇਤ ਸੀਸੀ ਟੀਵੀ ਕੈਮਰੇ ਲਾਏ ਜਾਣੇ ਜ਼ਰੂਰੀ ਹਨ। ਮਹਿਲਾ ਸੰਗਠਨ ਦੀ ਇੱਕ ਮੈਂਬਰ ਹਿਮਾਨੀ ਅਗਰਵਾਲ ਨੇ ਅੱਜ ਸ਼ੁੱਕਰਵਾਰ ਨੂੰ ਮੀਡੀਆ ਨੂੰ ਦੱਸਿਆ ਲੰਘੀ 28 ਅਕਤੂਬਰ ਨੂੰ ਮਹਿਲਾ ਕਮਿਸ਼ਨ ਦੀ ਮੀਟਿੰਗ ਵਿੱਚ ਇੱਕ ਮਤਾ ਪੇਸ਼ ਕੀਤਾ ਗਿਆ ਸੀ ਕਿ ਸਿਰਫ ਮਹਿਲਾ ਟੇਲਰਜ਼ ਹੀ ਔਰਤਾਂ ਦੁਆਰਾ ਪਹਿਨੇ ਜਾਣ ਵਾਲੇ ਸਿਲਾਈ ਕੱਪੜਿਆਂ ਦਾ ਮਾਪ ਲੈਣ ਅਤੇ ਇਨ੍ਹਾਂ ਖੇਤਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਮਤਾ ਸੂਬਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਬੀਤਾ ਚੌਹਾਨ ਵੱਲੋਂ ਪੇਸ਼ ਕੀਤਾ ਗਿਆ ਸੀ ਅਤੇ ਮੀਟਿੰਗ ਵਿੱਚ ਮੌਜੂਦ ਮੈਂਬਰਾਂ ਵੱਲੋਂ ਇਸ ਦਾ ਸਮਰਥਨ ਵੀ ਕੀਤਾ ਗਿਆ ਸੀ।