ਸਿੱਧੂ ਪਰਿਵਾਰ ਦੇ ਭਾਜਪਾ ’ਚ ਜਾਣ ਦੇ ਸਨ ਚਰਚੇ
ਚੰਡੀਗੜ੍ਹ/ਬਿਊਰੋ ਨਿਊਜ਼
ਰਾਜਨੀਤੀ ਤੋਂ ਦੂਰੀ ਬਣਾ ਕੇ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪਿ੍ਰਅੰਕਾ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਜੋ ਜੁਬਾਨ ਉਨ੍ਹਾਂ ਰਾਹੁਲ ਅਤੇ ਪਿ੍ਰਅੰਕਾ ਨਾਲ ਕੀਤੀ ਸੀ, ਉਸ ’ਤੇ ਉਹ ਅੱਜ ਵੀ ਕਾਇਮ ਹਨ। ਧਿਆਨ ਰਹੇ ਕਿ ਪਿਛਲੇ ਦਿਨੀਂ ਭਾਜਪਾ ਦੇ ਸੀਨੀਅਰ ਆਗੂ ਤਰਨਜੀਤ ਸਿੰਘ ਸੰਧੂ ਨੇ ਅੰਮਿ੍ਰਤਸਰ ਵਿਖੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਅਤੇ ਉਨ੍ਹਾਂ ਦੀ ਧੀ ਰਾਬੀਆ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਚਰਚਾ ਛਿੜ ਗਈ ਸੀ ਕਿ ਸਿੱਧੂ ਪਰਿਵਾਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋ ਸਕਦਾ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਕਈ ਵਿਅਕਤੀ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖਦੇ ਸਨ, ਪਰ ਉਹ ਵਿਅਕਤੀ ਖਤਮ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮੇਰਾ ਜੇਲ੍ਹ ਵਿਚ ਜਾਣਾ ਵੀ ਇਕ ਬਿਹਤਰ ਸਮਾਂ ਸੀ ਅਤੇ ਸਿਆਸੀ ਕਾਰਨਾਂ ਕਰਕੇ ਮੈਨੂੰ ਜੇਲ੍ਹ ਭੇਜਿਆ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਨਵਜੋਤ ਸਿੰਘ ਸਿੱਧੂ ਹੁਣ ‘ਦ ਕਪਿਲ ਸ਼ਰਮਾ ਸ਼ੋਅ’ ਵਿਚ ਵੀ ਵਾਪਸੀ ਕਰ ਰਹੇ ਹਨ।