ਨਵੀਂ ਨਿਯੁਕਤੀ ਦੇ ਲਈ ਪੰਜਾਬ ਸਰਕਾਰ ਤੋਂ ਮੰਗੇ ਅਧਿਕਾਰੀਆਂ ਦੇ ਨਾਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ’ਤੇ ਰਹੀ ਜ਼ਿਮਨੀ ਚੋਣ ਦੌਰਾਨ ਕੁਰੂਕਸ਼ੇਤਰ ਦੀ ਜੇਲ੍ਹ ’ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੇ ਮਾਮਲੇ ’ਚ ਕਾਰਵਾਈ ਨਾ ਹੋਣ ਦੇ ਚਲਦਿਆਂ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ। ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾ ਦਿੱਤਾ ਹੈ ਅਤੇ ਉਨ੍ਹਾਂ ਦੀ ਜਗ੍ਹਾ ਨਵਾਂ ਡੀਐਸਪੀ ਲਗਾਉਣ ਲਈ ਪੰਜਾਬ ਸਰਕਾਰ ਤੋਂ ਤਿੰਨ ਅਧਿਕਾਰੀਆਂ ਦੇ ਨਾਮ ਦਾ ਪੈਨਲ ਮੰਗਿਆ ਹੈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਹਰਿਆਣਾ ਜੇਲ੍ਹ ਵਿਭਾਗ ਨੂੰ ਵੀ ਇਕ ਪੱਤਰ ਲਿਖ ਕੇ ਜੱਗੂ ਭਗਵਾਨੀਆ ’ਤੇ ਸਖਤ ਨਜ਼ਰ ਰੱਖਣ ਲਈ ਕਿਹਾ ਹੈ ਤਾਂ ਜੋ ਉਸ ਕੋਲ ਡਿਵਾਇਸ ਆਦਿ ਹੋਣ ਬਾਰੇ ਪਤਾ ਲੱਗ ਸਕੇ। ਧਿਆਨ ਰਹੇ ਕਿ ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦੇ ਪਤੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ’ਚ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਆਪਣੀ ਸ਼ਿਕਾਇਤ ’ਚ ਆਰੋਪ ਲਗਾਇਆ ਸੀ ਕਿ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ’ਚ ਬੰਦ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟ ਨਾ ਦੇਣ ਲਈ ਧਮਕਾ ਰਿਹਾ ਹੈ।
Check Also
ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ
ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …