ਚੋਣ ਜ਼ਾਬਤੇ ਦੀ ਉਲੰਘਣਾ ਦੇ ਲੱਗੇ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਗਿੱਦੜਬਾਹਾ ਵਿਧਾਨ ਸਭਾ ਜ਼ਿਮਨੀ ਚੋਣ ਵਿਚ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਅੰਮਿ੍ਰਤਾ ਵੜਿੰਗ ਦੇ ਪਤੀ ਰਾਜਾ ਵੜਿੰਗ ਨੂੰ ਚੋਣ ਕਮਿਸ਼ਨ ਨੇ ਨੋਟਿਸ ਭੇਜਿਆ ਹੈ। ਇਨ੍ਹਾਂ ਦੋਵਾਂ ਆਗੂਆਂ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਆਰੋਪ ਹੈ। ਇਸ ਮਾਮਲੇ ’ਚ ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਨੂੰ 24 ਘੰਟਿਆਂ ਵਿਚ ਜਵਾਬ ਦੇਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਕੁਝ ਦਿਨ ਪਹਿਲਾਂ ਚੋਣ ਪ੍ਰਚਾਰ ਕਰਦੇ ਸਮੇਂ ਲੋਕਾਂ ਨੂੰ ਕੇਂਦਰ ਸਰਕਾਰ ’ਚ ਨੌਕਰੀਆਂ ਦਿਵਾਉਣ ਦੀ ਗੱਲ ਕਹੀ ਸੀ। ਇਸੇ ਤਰ੍ਹਾਂ ਰਾਜਾ ਵੜਿੰਗ ਖਿਲਾਫ ਆਰੋਪ ਹੈ ਕਿ ਉਨ੍ਹਾਂ ਨੇ ਮਸਜਿਦ ਵਿਚ ਜਾ ਕੇ ਚੋਣ ਪ੍ਰਚਾਰ ਕੀਤਾ ਸੀ। ਧਿਆਨ ਰਹੇ ਕਿ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਵਿਚ ਜ਼ਿਮਨੀ ਚੋਣ 20 ਨਵੰਬਰ ਨੂੰ ਹੋਣੀ ਹੈ।