ਪੰਜਾਬ ਪੁਲਿਸ ਦੇ ਮੁਲਾਜ਼ਮ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਰਹਿਣਗੇ ਤਾਇਨਾਤ
ਅੰਮਿ੍ਰਤਸਰ/ਬਿਊਰੋ ਨਿਊਜ਼
ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਉਰਿਟੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਵਾਪਸ ਲੈ ਲਈ ਹੈ। ਧਿਆਨ ਰਹੇ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਜ਼ੈਡ ਪਲੱਸ ਸਕਿਉਰਿਟੀ ਵਾਪਸ ਲੈਣ ਦੀ ਅਪੀਲ ਕੀਤੀ ਸੀ। ਇਸਦੇ ਚੱਲਦਿਆਂ ਗਿਆਨੀ ਹਰਪ੍ਰੀਤ ਸਿੰਘ ਦੀ ਇਹ ਸਕਿਉਰਿਟੀ ਵਾਪਸ ਲਈ ਗਈ ਹੈ। ਇਸੇ ਦੌਰਾਨ ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਉਹਨਾਂ ਦੀ ਸੁਰੱਖਿਆ ਵਿਚ ਤਾਇਨਾਤ ਰਹਿਣਗੇ। ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਕਰੀਬ ਦੋ ਸਾਲ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਜੈਡ ਪਲੱਸ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਉਸ ਸਮੇਂ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੇ 6 ਸੁਰੱਖਿਆ ਕਰਮੀ ਤੈਨਾਤ ਸਨ, ਜਿਨ੍ਹਾਂ ਦੀ ਸੰਖਿਆ ਪੰਜਾਬ ਸਰਕਾਰ ਵਲੋਂ ਘਟਾ ਕੇ 3 ਕਰ ਦਿੱਤੀ ਗਈ ਸੀ।