ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਕੇਂਦਰ ਸਰਕਾਰ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਵਿਚ ਹਰਿਆਣਾ ਦੀ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਦੇ ਲਈ ਦਿੱਤੀ ਜਾ ਰਹੀ ਜਗ੍ਹਾ ’ਤੇ ਬਵਾਲ ਮੱਚਦਾ ਜਾ ਰਿਹਾ ਹੈ ਅਤੇ ਸਿਆਸਤ ਵੀ ਗਰਮਾਉਂਦੀ ਜਾ ਰਹੀ ਹੈ। ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਇਸ ’ਤੇ ਇਤਰਾਜ਼ ਵੀ ਕੀਤਾ ਹੈ। ਪੰਜਾਬ ਦੇ ਸਿਆਸੀ ਆਗੂਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ’ਤੇ ਸਿਰਫ ਪੰਜਾਬ ਦਾ ਹੀ ਹੱਕ ਹੈ। ਅਜਿਹੇ ਵਿਚ ਕਿਸੇ ਵੀ ਕੀਮਤ ’ਤੇ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਦੀ ਇਮਾਰਤ ਨਹੀਂ ਬਣਨ ਦਿਆਂਗੇ। ਇਨ੍ਹਾਂ ਆਗੂਆਂ ਦਾ ਕਹਿਣਾ ਸੀ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਜਾਣ ਬੁੱਝ ਕੇ ਪੰਜਾਬ ਦੇ ਹੱਕ ਕਮਜ਼ੋਰ ਕਰ ਰਹੀ ਹੈ। ਆਮ ਆਦਮੀ ਪਾਰਟੀ ਦੀ ਵਿਧਾਇਕ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸਾਡੀ ਪਾਰਟੀ ਇਸਦਾ ਵਿਰੋਧ ਕਰੇਗੀ ਅਤੇ ਇਸ ਮਾਮਲੇ ਵਿਚ ਪਿੱਛੇ ਨਹੀਂ ਹਟੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਪੰਜਾਬ ਨਾਲ ਧੋਖਾ ਕਰ ਰਹੀ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਇਸ ਫੈਸਲੇ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਚੰਡੀਗੜ੍ਹ ’ਤੇ ਪੂਰੀ ਤਰ੍ਹਾਂ ਪੰਜਾਬ ਦਾ ਹੱਕ ਹੈ।