ਨਵੀਂ ਦਿੱਲੀ/ਬਿਊਰੋ ਨਿਊਜ਼
ਨਵੀਂ ਦਿੱਲੀ ਵਿਚ ਭਾਜਪਾ ਦੇ ਸਾਬਕਾ ਵਿਧਾਇਕ ਅਨਿਲ ਝਾਅ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਅਨਿਲ ਝਾਅ ਨੇ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ’ਚ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਭਾਜਪਾ ਦਾ ਸਾਬਕਾ ਵਿਧਾਇਕ ‘ਆਪ’ ਵਿਚ ਸ਼ਾਮਲ ਹੋ ਗਿਆ ਹੈ। ਅਨਿਲ ਝਾਅ ਦਾ ਪਾਰਟੀ ਛੱਡਣਾ ਭਾਜਪਾ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਅਨਿਲ ਝਾਅ ਭਾਜਪਾ ਵਲੋਂ ਕਿਰਾੜੀ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਅਨਿਲ ਝਾਅ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ’ਤੇ ਅਰਵਿੰਦ ਕੇਜਰੀਵਾਲ ਨੇ ਸਵਾਗਤ ਕੀਤਾ ਅਤੇ ਕਿਹਾ ਕਿ ਅਨਿਲ ਝਾਅ ਨੂੰ ‘ਆਪ’ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ।