ਦਿੱਲੀ ਸਰਕਾਰ ਨੂੰ ਵੀ ਕਿਹਾ, ਸਟੇਜ 4 ਦੀਆਂ ਪਾਬੰਦੀਆਂ ਹੀ ਲਾਗੂ ਰੱਖੋ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਦਿੱਲੀ ਵਿਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਮਾਨਯੋਗ ਜਸਟਿਸ ਅਭੈ ਐਸ. ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਇਸ ਮਾਮਲੇ ’ਤੇ ਸੁਣਵਾਈ ਕਰਦੇ ਹੋਏ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਜਦੋਂ ਏਅਰ ਕੁਆਲਿਟੀ ਇੰਡੈਕਸ 300 ਤੋਂ 400 ਦੇ ਵਿਚਕਾਰ ਪਹੁੰਚ ਗਿਆ ਹੈ ਤਾਂ ਪੜਾਅ 3 ਦੀਆਂ ਪਾਬੰਦੀਆਂ ਨੂੰ ਲਾਗੂ ਕਰਨ ਵਿਚ ਦੇਰੀ ਕਿਉਂ ਕੀਤੀ ਗਈ? ਸੁਪਰੀਮ ਕੋਰਟ ਨੇ ਕਿਹਾ ਕਿ ਸਾਨੂੰ ਵੀ ਇਸ ਸਬੰਧੀ ਦਿਸ਼ਾ-ਨਿਰਦੇਸ਼ ਦੱਸੋ। ਇਸੇ ਦੌਰਾਨ ਕੇਂਦਰ ਸਰਕਾਰ ਨੇ ਕਿਹਾ ਕਿ ਹੁਣ ਸਥਿਤੀ ਸਟੇਜ 4 ਦੀਆਂ ਪਾਬੰਦੀਆਂ ਨੂੰ ਲਾਗੂ ਕਰਨ ਦੇ ਪੜਾਅ ’ਤੇ ਪਹੁੰਚ ਗਈ ਹੈ। ਇਸ ’ਤੇ ਅਦਾਲਤ ਨੇ ਕਿਹਾ ਕਿ ਦਿੱਲੀ ਸਰਕਾਰ ਵੀ ਸਾਨੂੰ ਦੱਸੇ ਕਿ ਉਹ ਇਸ ਨੂੰ ਕਿਵੇਂ ਲਾਗੂ ਕਰੇਗੀ। ਅਸੀਂ ਇੱਥੇ ਇਹ ਸਪੱਸ਼ਟ ਕਰ ਰਹੇ ਹਾਂ ਕਿ ਤੁਸੀਂ ਸਾਡੀ ਇਜਾਜ਼ਤ ਤੋਂ ਬਿਨਾਂ ਸਟੇਜ 4 ਦੀਆਂ ਪਾਬੰਦੀਆਂ ਤੋਂ ਹੇਠਾਂ ਨਹੀਂ ਆਓਗੇ, ਭਾਵੇਂ ਹਵਾ ਦੀ ਗੁਣਵੱਤਾ 300 ਤੋਂ ਹੇਠਾਂ ਆ ਜਾਵੇ।