20 ਨਵੰਬਰ ਨੂੰ ਪੈਣਗੀਆਂ ਵੋਟਾਂ ਤੇ ਨਤੀਜੇ 23 ਨਵੰਬਰ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਚਾਰ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਪ੍ਰਚਾਰ ਅੱਜ ਸ਼ਾਮੀਂ ਖਤਮ ਹੋ ਗਿਆ ਹੈ। ਇਸਦੇ ਚੱਲਦਿਆਂ ਸਿਆਸੀ ਪਾਰਟੀਆਂ ਨੇ ਆਪੋ ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਝੋਕ ਦਿੱਤੀ ਹੈ। ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ’ਚ 20 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਇਨ੍ਹਾਂ ਚਾਰੋਂ ਹਲਕਿਆਂ ਦੇ 6 ਲੱਖ 96 ਹਜ਼ਾਰ ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨਗੇ। ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ’ਚ 45 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿਚ ਮਹਿਲਾ ਉਮੀਦਵਾਰਾਂ ਦੀ ਗਿਣਤੀ ਸਿਰਫ਼ ਦੋ ਹੈ। ਇਨ੍ਹਾਂ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਮੁਕਾਬਲਾ ਹੈ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਇਨ੍ਹਾਂ ਚੋਣਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਨਹੀਂ ਕੀਤੇ ਹਨ।