ਸੰਗਰੂਰ ਜ਼ਿਲ੍ਹੇ ਦੇ ਪੰਚਾਂ ਦੇ ਸਹੁੰ ਚੁੱਕ ਸਮਾਗਮ ’ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਸੰਗਰੂਰ/ਬਿਊਰੋ ਨਿਊਜ਼
ਪੰਜਾਬ ਵਿਚ ਚੁਣੇ ਗਏ ਨਵੇਂ ਪੰਚਾਂ ਨੂੰ ਅੱਜ ਮੰਗਲਵਾਰ ਨੂੰ ਜ਼ਿਲ੍ਹਾ ਪੱਧਰ ’ਤੇ ਹੋਏ ਵੱਖ-ਵੱਖ ਸਮਾਗਮਾਂ ’ਚ ਅਹੁਦੇ ਦੀ ਸਹੁੰ ਚੁਕਾਈ ਗਈ। ਇਸੇ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਪੰਚਾਂ ਦੇ ਹੋਏ ਸਹੁੰ ਚੁੱਕ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਅਤੇ ਹੋਰ ਜ਼ਿਲ੍ਹਿਆਂ ਵਿਚ ਹੋਏ ਸਮਾਗਮਾਂ ਵਿਚ ਪੰਜਾਬ ਦੇ ਮੰਤਰੀਆਂ ਨੇ ਸ਼ਮੂਲੀਅਤ ਕੀਤੀ। ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹੀ ਆਧਾਰ ’ਤੇ ਵੰਡਣਾ ਚਾਹੀਦਾ ਹੈ ਤਾਂ ਕਿ ਸੂਬਾ ਸਰਕਾਰ ਕੰਮ ਸ਼ੁਰੂ ਕਰਵਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਮਤੇ ਜ਼ਰੂਰ ਪਾਸ ਕਰਨ। ਧਿਆਨ ਰਹੇ ਕਿ ਲੰਘੀ 8 ਨਵੰਬਰ ਨੂੰ ਨਵੇਂ ਚੁਣੇ ਗਏ ਸਰਪੰਚਾਂ ਨੂੰ ਵੀ ਅਹੁਦੇ ਦੀ ਸਹੁੰ ਚੁਕਾਈ ਗਈ ਸੀ। ਇੱਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਨੂੰ ਜ਼ਿਮਨੀ ਚੋਣ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।