ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਨਾਲ ਰਾਇ ਕਰਾਂਗੇ : ਬਲਵਿੰਦਰ ਸਿੰਘ ਭੂੰਦੜ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਪ੍ਰਧਾਨਗੀ ਤੋਂ ਦਿੱਤੇ ਅਸਤੀਫ਼ੇ ਬਾਰੇ ਫ਼ੈਸਲਾ ਟਾਲ ਦਿੱਤਾ ਹੈ। ਸੁਖਬੀਰ ਨੇ ਲੰਮੇ ਅਰਸੇ ਦੀ ਜੱਕੋ-ਤੱਕੀ ਮਗਰੋਂ 16 ਨਵੰਬਰ ਨੂੰ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ‘ਤੇ ਵਿਚਾਰ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਚੰਡੀਗੜ੍ਹ ‘ਚ ਮੀਟਿੰਗ ਕੀਤੀ। ਵਰਕਿੰਗ ਕਮੇਟੀ ਨੇ ਵਿਚਾਰ-ਚਰਚਾ ਮਗਰੋਂ ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਫ਼ੈਸਲਾ ਰਾਖਵਾਂ ਰੱਖਣ ਦਾ ਫ਼ੈਸਲਾ ਕੀਤਾ ਹੈ।
ਮੀਟਿੰਗ ਮਗਰੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਸੁਖਬੀਰ ਦੇ ਅਸਤੀਫ਼ੇ ਬਾਰੇ ਫ਼ੈਸਲਾ ਲੈਣ ਤੋਂ ਪਹਿਲਾਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਯੂਥ ਅਕਾਲੀ ਦਲ ਤੋਂ ਇਲਾਵਾ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਤੋਂ ਰਾਇ ਲੈਣ ਦਾ ਫ਼ੈਸਲਾ ਕੀਤਾ ਹੈ। ਵਰਕਿੰਗ ਕਮੇਟੀ ਨੇ ਸਰਬਸੰਮਤੀ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫ਼ੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ।
ਵਰਕਿੰਗ ਕਮੇਟੀ ਨੇ ਕਿਹਾ ਕਿ ਜੇ ਸੁਖਬੀਰ ਨੇ ਅਸਤੀਫ਼ਾ ਵਾਪਸ ਨਾ ਲਿਆ ਤਾਂ ਕਮੇਟੀ ਦੇ ਸਾਰੇ ਮੈਂਬਰ ਵੀ ਸਮੂਹਿਕ ਤੌਰ ‘ਤੇ ਅਸਤੀਫ਼ਾ ਦੇ ਦੇਣਗੇ। ਵਰਕਿੰਗ ਕਮੇਟੀ ਨੇ ਸੁਖਬੀਰ ਦੀ ਪ੍ਰਧਾਨਗੀ ‘ਚ ਭਰੋਸਾ ਪ੍ਰਗਟ ਕੀਤਾ। ਮੀਟਿੰਗ ਵਿਚ ਵਰਕਿੰਗ ਕਮੇਟੀ ਦੇ ਮੈਂਬਰਾਂ ਨੇ ਕਿਹਾ ਅਕਾਲੀ ਦਲ ਖਿਲਾਫ ਰਚੀ ਗਈ ਸਾਜ਼ਿਸ਼ ਕਿਸੇ ਵੀ ਕੀਮਤ ‘ਤੇ ਸਫਲ ਨਹੀਂ ਹੋਣ ਦਿਆਂਗੇ।
ਪਾਰਟੀ ਨੂੰ ਸੁਖਬੀਰ ਦੀਆਂ ਸੇਵਾਵਾਂ ਦੀ ਵੱਡੀ ਜ਼ਰੂਰਤ ਹੈ। ਪਿਛਾਂਹ ਦੇ ਹਾਲਾਤ ‘ਤੇ ਨਜ਼ਰ ਮਾਰੀਏ ਤਾਂ 2022 ਦੀਆਂ ਚੋਣਾਂ ਵਿਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਮਗਰੋਂ ਝੂੰਦਾਂ ਕਮੇਟੀ ਦੀਆਂ ਸਿਫ਼ਾਰਸ਼ਾਂ ਨਜ਼ਰਅੰਦਾਜ਼ ਕਰ ਦਿੱਤੀਆਂ ਗਈਆਂ ਸਨ ਅਤੇ ਆਖ਼ਰ ਪਾਰਟੀ ਦੁਫਾੜ ਹੋ ਗਈ। ਮਗਰੋਂ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਲਗਾ ਦਿੱਤਾ ਗਿਆ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 30 ਅਗਸਤ ਨੂੰ ਸੁਖਬੀਰ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਸੀ। ਮਗਰੋਂ ਪਾਰਟੀ ਨੇ 24 ਅਕਤੂਬਰ ਨੂੰ ਜ਼ਿਮਨੀ ਚੋਣਾਂ ਨਾ ਲੜਨ ਦਾ ਫ਼ੈਸਲਾ ਕੀਤਾ ਅਤੇ 13 ਨਵੰਬਰ ਨੂੰ ਸੁਖਬੀਰ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਜਲਦੀ ਫ਼ੈਸਲਾ ਲੈਣ ਦੀ ਅਪੀਲ ਕਰਕੇ 16 ਨਵੰਬਰ ਨੂੰ ਪਾਰਟੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ। ਪਾਰਟੀ ਦੀਆਂ ਨਵੀਆਂ ਚੋਣਾਂ ਦਸੰਬਰ ਮਹੀਨੇ ਵਿਚ ਹੋਣੀਆਂ ਹਨ। ਸੁਖਬੀਰ ਨੇ 2008 ‘ਚ ਪਾਰਟੀ ਦੀ ਪ੍ਰਧਾਨਗੀ ਸੰਭਾਲੀ ਸੀ।
ਐੱਨਕੇ ਸ਼ਰਮਾ ਵੱਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ
ਸੁਖਬੀਰ ਬਾਦਲ ਵੱਲੋਂ ਅਸਤੀਫਾ ਦੇਣ ਦੇ ਰੋਸ ਵਜੋਂ ਲਿਆ ਫੈਸਲਾ
ਜ਼ੀਰਕਪੁਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਡੇਰਾਬੱਸੀ ਦੇ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਫੈਸਲਾ ਲੰਘੇ ਦਿਨੀਂ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਦੇ ਰੋਸ ਵਜੋਂ ਲਿਆ। ਐੱਨਕੇ ਸ਼ਰਮਾ, ਸੁਖਬੀਰ ਬਾਦਲ ਦੇ ਕਾਫ਼ੀ ਨੇੜਲਿਆਂ ‘ਚੋਂ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਐਨਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੂੰ ਢਾਹ ਲਾਉਣ ਲਈ ਸੁਖਬੀਰ ਬਾਦਲ ਖ਼ਿਲਾਫ਼ ਗਿਣੀ ਮਿਥੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਸੁਖਬੀਰ ਬਾਦਲ ਪਾਰਟੀ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਵਿੱਚ ਵਰਕਰ ਬਣ ਕੇ ਕਰਨਗੇ ਪਰ ਜੇ ਉਹ ਪਾਰਟੀ ਦੇ ਪ੍ਰਧਾਨ ਨਾ ਰਹੇ ਤਾਂ ਉਨ੍ਹਾਂ ਦਾ ਪਾਰਟੀ ‘ਚ ਕੋਈ ਕੰਮ ਨਹੀਂ ਹੈ।
ਸੁਖਬੀਰ ਨੂੰ ਬਚਾਉਣ ਦੀ ਰਚੀ ਜਾ ਰਹੀ ਹੈ ਸਾਜ਼ਿਸ਼ : ਵਡਾਲਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਬਾਰੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੁਲਾਈ ਗਈ ਵਰਕਿੰਗ ਕਮੇਟੀ ਦੀ ਮੀਟਿੰਗ ਨੂੰ ਸੋਚੀ-ਸਮਝੀ ਸਾਜ਼ਿਸ਼ ਤੇ ਮੀਟਿੰਗ ਦੀ ਕਾਰਵਾਈ ਨੂੰ ਡਰਾਮਾ ਕਰਾਰ ਦਿੱਤਾ। ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਜਦੋਂ ਅਕਾਲ ਤਖਤ ਸਾਹਿਬ ਨੇ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ, ਉਸੇ ਦੌਰਾਨ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅਸਤੀਫ਼ੇ ਦੇ ਮੁੱਦੇ ‘ਤੇ ਸਿਆਸਤ ਨਹੀਂ ਕਰਨੀ ਚਾਹੀਦੀ।
ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਬਚਾਉਣ ਲਈ ਸਾਜ਼ਿਸ਼ ਰਚੀ ਜਾ ਰਹੀ ਹੈ। ਵਰਕਿੰਗ ਕਮੇਟੀ ਅਤੇ ਦੂਸਰੇ ਲੀਡਰਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਚਾਹੁੰਦਾ ਹੈ। ਇਸ ਗੱਲ ਨੂੰ ਲਮਕਾ ਕੇ ਇਹ ਸਾਬਤ ਕਰਨਾ ਚਾਹੁੰਦੇ ਹਨ ਕਿ ਇਕ ਵਿਅਕਤੀ ਪਾਰਟੀ ਤੋਂ ਵੱਡਾ ਹੈ।