3.7 C
Toronto
Monday, December 29, 2025
spot_img
Homeਪੰਜਾਬਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਬਾਰੇ ਸਟੈਂਡ ਸਪੱਸ਼ਟ ਕਰੇ ਸਰਕਾਰ : ਰਾਜੇਵਾਲ

ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਬਾਰੇ ਸਟੈਂਡ ਸਪੱਸ਼ਟ ਕਰੇ ਸਰਕਾਰ : ਰਾਜੇਵਾਲ

ਕਿਹਾ : ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕਾਂ ਦਾ ਕੀਤਾ ਘਾਣ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਸੂਬਾਈ ਆਗੂਆਂ ਦੀ ਮੀਟਿੰਗ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਹੋਈ।
ਕਿਸਾਨ ਆਗੂਆਂ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਵਿਰੋਧ ਕੀਤਾ। ਉਨ੍ਹਾਂ ਪੰਜਾਬ ਯੂਨੀਵਰਸਿਟੀ ‘ਤੇ ਕੇਂਦਰ ਸਰਕਾਰ ਵੱਲੋਂ ਕਬਜ਼ਾ ਕਰਨ ਦੀਆਂ ਚੱਲੀਆਂ ਜਾ ਰਹੀਆਂ ਚਾਲਾਂ ਵਿਰੁੱਧ ਆਵਾਜ਼ ਬੁਲੰਦ ਕੀਤੀ।
ਬਲਬੀਰ ਸਿੰਘ ਰਾਜੇਵਾਲ ਨੇ ਆਰੋਪ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਹੈ ਅਤੇ ਇਸ ‘ਤੇ ਪੰਜਾਬ ਦਾ ਹੱਕ ਹੈ। ਇਸ ਲਈ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਨਹੀਂ ਦੇਣ ਦਿੱਤੀ ਜਾਵੇਗੀ ਅਤੇ ਪੰਜਾਬ ਯੂਨੀਵਰਸਿਟੀ ‘ਤੇ ਵੀ ਕੇਂਦਰ ਸਰਕਾਰ ਨੂੰ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਬਾਰੇ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦਾ ਪਾਣੀ ਪੀਣ ਯੋਗ ਨਹੀਂ ਰਿਹਾ ਅਤੇ ਸੂਬਾ ਸਰਕਾਰ ਇਸ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜੇ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਬੁਨਿਆਦੀ ਮਸਲਿਆਂ ‘ਤੇ ਕੁਝ ਨਾ ਕੀਤਾ ਗਿਆ ਤਾਂ ਦਸੰਬਰ ਵਿੱਚ ਉਨ੍ਹਾਂ ਦੀ ਜਥੇਬੰਦੀ ਵੱਲੋਂ ਚੰਡੀਗੜ੍ਹ ਵਿੱਚ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਘਰਸ਼ ਸ਼ੁਰੂ ਕਰਨ ਤੋਂ ਪਹਿਲਾਂ ਆਲ ਪਾਰਟੀ ਮੀਟਿੰਗ ਸੱਦੀ ਜਾਵੇਗੀ, ਜਿਸ ਵਿੱਚ ਬੁੱਧੀਜੀਵੀ ਵਰਗ ਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਸ ਮਗਰੋਂ ਐੱਸਕੇਐੱਮ ਨਾਲ ਗੱਲਬਾਤ ਕਰ ਕੇ ਸੰਘਰਸ਼ ਦੀ ਰੂਪ-ਰੇਖਾ ਵਿੱਢੀ ਜਾਵੇਗੀ।

 

RELATED ARTICLES
POPULAR POSTS