Breaking News
Home / ਪੰਜਾਬ / ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ ਪਾਏ ਜਾਣਗੇ ਚਾਲੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ਸ਼ੰਭੂ, ਖਨੌਰੀ ਤੇ ਰਤਨਪੁਰ ਬਾਰਡਰ (ਰਾਜਸਥਾਨ) ‘ਤੇ 280 ਦਿਨਾਂ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਲਈ ਪੱਕਾ ਮੋਰਚਾ ਲਾਈ ਬੈਠੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ 6 ਦਸੰਬਰ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ।
ਇਹ ਐਲਾਨ ਮੰਗਲਵਾਰ ਨੂੰ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਵੱਲੋਂ 6 ਦਸੰਬਰ ਨੂੰ ਸ਼ੰਭੂ ਬਾਰਡਰ ਰਾਹੀ ਦਿੱਲੀ ਵੱਲ ਕੂਚ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਸਰਵਣ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ, ਸੁਖਜੀਤ ਸਿੰਘ ਹਰਦੋਝੰਡੇ, ਇੰਦਰਜੀਤ ਸਿੰਘ ਕੋਟਬੁਢਾ, ਤੇਜਵੀਰ ਸਿੰਘ ਪੰਜੋਖਰਾ ਸਾਹਿਬ, ਗੁਰਅਮਨੀਤ ਸਿੰਘ ਮਾਂਗਟ, ਬਚਿੱਤਰ ਸਿੰਘ ਕੋਟਲਾ ਅਤੇ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀ ਸਰਹੱਦ ‘ਤੇ ਲੱਗੇ ਮੋਰਚੇ ਨੂੰ ਖਤਮ ਕਰਵਾਉਣ ਵੇਲੇ ਕੇਂਦਰ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਲਿਖਤੀ ਤੌਰ ‘ਤੇ ਮੰਨੀਆਂ ਸਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ।
ਇਹੀ ਮੰਗਾਂ ਮਨਵਾਉਣ ਲਈ ਉਨ੍ਹਾਂ ਮੁੜ ਦਿੱਲੀ ਕੂਚ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਮੰਗਾਂ ਪੂਰੀਆਂ ਹੋਣ ਤੱਕ ਪਿੱਛੇ ਨਾ ਹਟਣ ਦਾ ਅਹਿਦ ਵੀ ਲਿਆ। ਉਨ੍ਹਾਂ ਕਿਹਾ ਕਿ ਦਿੱਲੀ ਕੂਚ ਕਰਨ ਤੋਂ ਪਹਿਲਾਂ 26 ਨਵੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠਣਗੇ। ਇਸ ਤੋਂ 10 ਦਿਨ ਬਾਅਦ ਕਿਸਾਨ ਅਤੇ ਮਜ਼ਦੂਰ ਜਥਿਆਂ ਦੇ ਰੂਪ ਵਿੱਚ ਬੈਰੀਕੇਡਾਂ ਵੱਲ ਵਧਣਗੇ। ਪਹਿਲੇ ਜਥੇ ਦੀ ਅਗਵਾਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਪੰਨੂ, ਸਵਿੰਦਰ ਸਿੰਘ ਚੁਤਾਲਾ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੁਰਜੀਤ ਸਿੰਘ ਫੂਲ ਕਰਨਗੇ।
26 ਤੋਂ ਭਾਜਪਾ ਆਗੂਆਂ ਨੂੰ ਦਿਖਾਏ ਜਾਣਗੇ ਕਾਲੇ ਝੰਡੇ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਕਿਹਾ ਕਿ 26 ਨਵੰਬਰ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਦੇ ਆਗੂਆਂ ਨੂੰ ਕਾਲੇ ਝੰਡੇ ਦਿਖਾਏ ਜਾਣਗੇ। ਉਨ੍ਹਾਂ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਹਰਿਆਣਾ ਸਰਕਾਰ ਵੱਲੋਂ ਬੰਦ ਕੀਤੀਆਂ ਗਈਆਂ ਸੜਕਾਂ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ 26 ਨਵੰਬਰ ਤੋਂ ਪਹਿਲਾਂ ਉਨ੍ਹਾਂ ਨਾਲ ਕੋਈ ਗੱਲ ਨਹੀਂ ਕਰਦੀ ਤਾਂ ਉਹ ਦਿੱਲੀ ਕੂਚ ਕਰਨ ਤੋਂ ਪਿੱਛੇ ਨਹੀਂ ਹਟਣਗੇ।

 

 

Check Also

ਸ਼ੋ੍ਮਣੀ ਅਕਾਲੀ ਦਲ ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਸ਼ੋ੍ਮਣੀ ਕਮੇਟੀ ਦੀ ਚੋਣਾਂ ਲਈ ਬਣੀਆਂ ਵੋਟਰ ਸੂਚੀਆਂ ’ਚ ਹੋਈ ਗੜਬੜੀ ਦਾ ਮੁੱਦਾ ਚੁੱਕਿਆ ਚੰਡੀਗੜ੍ਹ/ਬਿਊਰੋ …