
ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਲੰਘੀ 20 ਨਵੰਬਰ ਨੂੰ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੇ ਨਤੀਜੇ ਭਲਕੇ 23 ਨਵੰਬਰ ਦਿਨ ਸ਼ਨੀਵਾਰ ਨੂੰ ਐਲਾਨੇ ਜਾਣਗੇ। ਇਨ੍ਹਾਂ ਚਾਰਾਂ ਵਿਧਾਨ ਸਭਾ ਸੀਟਾਂ ’ਤੇ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਚੋਣ ਮੁਕਾਬਲਾ ਹੈ। ਸ਼ੋ੍ਰਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਇਨ੍ਹਾਂ ਚੋਣਾਂ ਵਿਚ ਖੜ੍ਹੇ ਨਹੀਂ ਕੀਤੇ ਸਨ। ਧਿਆਨ ਰਹੇ ਕਿ ਇਨ੍ਹਾਂ ਚਾਰਾਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੇ ਲੋਕ ਸਭਾ ਦੀ ਚੋਣ ਜਿੱਤ ਲਈ ਸੀ ਅਤੇ ਇਸ ਦੇ ਚੱਲਦਿਆਂ ਇਨ੍ਹਾਂ ਹਲਕਿਆਂ ’ਤੇ ਜ਼ਿਮਨੀ ਚੋਣ ਹੋਈ ਹੈ। ਪੰਜਾਬ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਚਾਰੋਂ ਸੀਟਾਂ ਜਿੱਤਣ ਦਾ ਦਾਅਵਾ ਕਰ ਰਹੀ ਹੈ। ਇਸੇ ਤਰ੍ਹਾਂ ਕਾਂਗਰਸ ਅਤੇ ਭਾਜਪਾ ਵਲੋਂ ਵੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਬਾਕੀ ਭਲਕੇ ਸਵੇਰੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਅਤੇ 10 ਕੁ ਵਜੇ ਤੱਕ ਰੁਝਾਨਾਂ ਦਾ ਪਤਾ ਲੱਗ ਜਾਵੇਗਾ ਕਿ ਕਿਹੜੀ ਪਾਰਟੀ ਦੇ ਉਮੀਦਵਾਰ ਜੇਤੂ ਬਣਦੇ ਹਨ।