ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਅਕਾਲੀ ਆਗੂਆਂ ਦੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ। ਇਸ ਇਕੱਤਰਤਾ ’ਚ ਜਥੇਦਾਰ ਨੇ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੂੰ ਤਲਬ ਕੀਤਾ ਹੈ। ਆਸ ਹੈ ਕਿ ਇਸ ਦਿਨ ਜਥੇਦਾਰਾਂ ਵੱਲੋਂ ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਜਾਵੇਗੀ। ਇਸਦੇ ਨਾਲ ਹੀ 2007 ਤੋਂ 2017 ਤੱਕ ਪੰਜਾਬ ਕੈਬਨਿਟ ਦਾ ਹਿੱਸਾ ਰਹੇ ਅਕਾਲੀ ਮੰਤਰੀ ਵੀ ਤਲਬ ਕੀਤੇ ਹਨ। ਇਸ ਸਬੰਧੀ ਸਕੱਤਰੇਤ ਵਲੋਂ ਸਬੰਧਿਤਾਂ ਨੂੰ ਪੱਤਰ ਜਾਰੀ ਕਰ ਦਿੱਤੇ ਗਏ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸਮੁੱਚੇ ਸਕੱਤਰਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੌਜੂਦ ਰਹਿਣ ਲਈ ਕਿਹਾ ਗਿਆ ਹੈ।