
ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਣਗੇ ਸੁਧਾਰ ਲਹਿਰ ਦੇ ਆਗੂ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਮੈਂਬਰਾਂ ਨੇ ਚੰਡੀਗੜ੍ਹ ਵਿਚ ਮੀਟਿੰਗ ਤੋਂ ਬਾਅਦ ਆਪਣੇ ਅਸਤੀਫੇ ਪਾਰਟੀ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸੌਂਪ ਦਿੱਤੇ ਹਨ। ਚੰਡੀਗੜ੍ਹ ਵਿਚ ਹੋਈ ਮੀਟਿੰਗ ਦੌਰਾਨ ਸੁਖਦੇਵ ਸਿੰਘ ਢੀਂਡਸਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ ਅਤੇ ਸੁਰਜੀਤ ਸਿੰਘ ਰੱਖੜਾ ਦੇ ਅਸਤੀਫੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਸਵੀਕਾਰ ਵੀ ਕਰ ਲਏ ਹਨ। ਇਸ ਬੈਠਕ ਵਿਚ ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਅਤੇ ਸਰਵਣ ਸਿੰਘ ਫਿਲੌਰ ਵੀ ਹਾਜ਼ਰ ਰਹੇ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਤਲਬ ਕੀਤੀ ਸੁਧਾਰ ਲਹਿਰ ਦੀ ਲੀਡਰਸ਼ਿਪ ਨੇ ਇਸ ਮੌਕੇ ਅਹਿਦ ਲਿਆ ਕਿ ਸਮੁੱਚੀ ਲੀਡਰਸ਼ਿਪ ਨਿਮਾਣੇ ਸਿੱਖ ਵਜੋਂ ਪੇਸ਼ ਹੋਵੇਗੀ। ਸੁਧਾਰ ਲਹਿਰ ਦੀ ਸਮੁੱਚੀ ਲੀਡਰਸਿੱਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਸੇਵਾ ਉਹਨਾਂ ਵਿੱਚੋਂ ਕਿਸੇ ਨੂੰ ਵੀ ਲੱਗੇਗੀ ਤਾਂ ਉਹ ਸਿਰ ਝੁਕਾ ਕੇ ਸਮਰਪਿਤ ਹੋ ਕੇ ਨਿਮਾਣੇ ਸਿੱਖ ਦੇ ਤੌਰ ’ਤੇ ਨਿਭਾਉਣਗੇ।