ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮਿ੍ਰਤਧਾਰੀ ਸਿੱਖ ਵਿਅਕਤੀ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਸਖਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਇਸ ਘਟਨਾ ਨੂੰ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ’ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ’ਤੇ ਪਹਿਰਾ ਦੇਣ ਦੀ ਖੁੱਲ੍ਹ ਹੈ। ਧਾਮੀ ਨੇ ਆਰੋਪੀ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।