ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕੀਤਾ ਐਲਾਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਨਿਹੰਗ ਜਥੇਬੰਦੀ ਸੰਪਰਦਾਇ ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਰਹੇ ਸਵਰਗੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਗੁਰਬਾਣੀ ਦੇ ਕੀਰਤਨ ਅਤੇ ਅਰਦਾਸ ਮਗਰੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤੇ ਜਾਣ ਦਾ ਐਲਾਨ ਕੀਤਾ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਸਨਮਾਨ ਦਲ ਪੰਥ ਦੇ ਮੌਜੂਦਾ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੂੰ ਸੌਂਪਿਆ ਗਿਆ। ਜ਼ਿਕਰਯੋਗ ਹੈ ਕਿ 15 ਜੁਲਾਈ 2024 ਨੂੰ ਅਕਾਲ ਤਖ਼ਤ ਸਾਹਿਬ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਬਾਬਾ ਦਯਾ ਸਿੰਘ ਨੂੰ ਇਹ ਸਨਮਾਨ ਦੇਣ ਦਾ ਫੈਸਲਾ ਹੋਇਆ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਹੋਏ ਸਨਮਾਨ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਹਾਜ਼ਰ ਸਨ।
ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਾਬਾ ਦਯਾ ਸਿੰਘ ਵੱਲੋਂ ਕੌਮ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਦਯਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਸਿੱਖ ਪੰਥ ਲਈ ਵੱਡਮੁੱਲੀਆਂ ਸੇਵਾਵਾਂ ਕੀਤੀਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਤਤਪਰ ਰਹੇ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਬਦਲੇ ਇਹ ਸਨਮਾਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਦਲ ਪੰਥ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਇਸ ਸਨਮਾਨ ਲਈ ਸਭਨਾਂ ਦਾ ਧੰਨਵਾਦ ਕੀਤਾ।