‘ਆਪ’ ਸਰਕਾਰ ’ਤੇ ਲਗਾਏ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੇ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕਿਸਾਨ ਗੱਲਬਾਤ ਰਾਹੀਂ ਮਸਲੇ ਦਾ ਹੱਲ ਚਾਹੁੰਦੇ ਹਨ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਹਮੇਸ਼ਾ ਹੀ ਕਿਸਾਨਾਂ ਦੀ ਬਿਹਤਰੀ ਲਈ ਸਪੱਸ਼ਟ ਨਜ਼ਰੀਆ ਰਿਹਾ ਹੈ। ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਝੋਨੇ ਦੀ ਫਸਲ ਵੇਚਣ ਸਮੇਂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਣਗਹਿਲੀ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਭਾਜਪਾ ਆਗੂ ਜਾਖੜ ਨੇ ਇਹ ਵੀ ਕਿਹਾ ਕਿ ਕਿਸਾਨ ਹੁਣ ਕੇਂਦਰ ਵੱਲ ਆਸ ਨਾਲ ਵੇਖ ਰਹੇ ਹਨ ਕਿਉਂਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਲੀਡਰ ਆਪਣੀ ਹੋਂਦ ਨੂੰ ਬਚਾਉਣ ਵਿਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸੰਗਠਨਾਂ ਦੀ ਪਿਛਲੇ ਦਿਨੀਂ ਹੋਈ ਪ੍ਰੈਸ ਕਾਨਫਰੰਸ ਤੋਂ ਵੀ ਸੰਕੇਤ ਮਿਲੇ ਹਨ ਕਿ ਉਹ ਗੱਲਬਾਤ ਰਾਹੀਂ ਆਪਣੇ ਮਸਲੇ ਹੱਲ ਕਰਨਾ ਚਾਹੁੰਦੇ ਹਨ। ਇਸ ਲਈ ਗੱਲਬਾਤ ਸ਼ੁਰੂ ਕਰਨ ਲਈ ਇਸ ਤੋਂ ਬਿਹਤਰ ਸਮਾਂ ਨਹੀਂ ਹੋ ਸਕਦਾ। ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਐਲਾਨ ਕੀਤਾ ਗਿਆ ਕਿ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਮਰਜੀਵੜਿਆਂ ਦਾ ਜਥਾ ਦਿੱਲੀ ਲਈ ਰਵਾਨਾ ਕੀਤਾ ਜਾਵੇਗਾ।