ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਹਲਫ ਲੈਣ ਨਹੀਂ ਪਹੁੰਚੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਵਿੱਚ ਜੇਤੂ ਆਮ ਆਦਮੀ ਪਾਰਟੀ ਦੇ ਤਿੰਨਾਂ ਵਿਧਾਇਕਾਂ ਨੇ ਅੱਜ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਹੁੰ ਚੁੱਕ ਲਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋ ਨੂੰ ਸਹੁੰ ਚੁਕਾਈ ਹੈ। ਹਾਲਾਂਕਿ ਇਸ ਹਲਫ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨਹੀਂ ਪਹੁੰਚੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਣੇ ਵੱਡੀ ਗਿਣਤੀ ਵਿੱਚ ਵਿਧਾਇਕ ਮੌਜੂਦ ਰਹੇ।