ਚੰਦੂਮਾਜਰਾ, ਮਜੀਠੀਆ, ਦਲਜੀਤ ਚੀਮਾ ਅਤੇ ਗਰੇਵਾਲ ਨੇ ਕੀਤੀ ਪਖਾਨਿਆਂ ਦੀ ਸਫ਼ਾਈ
ਅੰਮਿ੍ਰਤਸਰ/ਬਿਊਰੋ ਨਿਊਜ਼ :
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਤਨਖ਼ਾਹ ਨੂੰ ਪੂਰਾ ਕਰਨ ਲਈ ਅੱਜ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਬਾਹਰ ਬੈਠ ਕੇ ਸੇਵਾਦਾਰ ਵਜੋਂ ਸੇਵਾ ਕੀਤੀ ਗਈ। ਦੋਵੇਂ ਆਗੂਆਂ ਨੇ ਸੇਵਾਦਾਰਾਂ ਵਾਲਾ ਨੀਲੇ ਰੰਗ ਦਾ ਚੋਲਾ ਪਾਇਆ ਹੋਇਆ ਸੀ, ਹੱਥ ਵਿੱਚ ਬਰਛੇ ਫੜੇ ਹੋਏ ਸਨ ਅਤੇ ਦੋਵਾਂ ਦੇ ਗਲੇ ਵਿੱਚ ਤਖ਼ਤੀਆਂ ਪਾਈਆਂ ਹੋਈਆਂ ਸਨ। ਇਸ ਤੋਂ ਇਲਾਵਾ ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ ਅਤੇ ਦਲਜੀਤ ਸਿੰਘ ਚੀਮਾ ਸਮੇਤ ਕਈ ਆਗੂਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਸੰਗਤਾਂ ਲਈ ਬਣੇ ਪਖਾਨਿਆਂ ਨੂੰ ਸਾਫ ਕਰਨ ਦੀ ਸੇਵਾ ਕੀਤੀ। ਇਨ੍ਹਾਂ ਤੋਂ ਇਲਾਵਾ ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੇ ਹੋਰਨਾਂ ਆਗੂਆਂ ਵੱਲੋਂ ਵੀ ਲੰਗਰ ਘਰ ਵਿੱਚ ਸੰਗਤ ਦੇ ਜੂਠੇ ਬਰਤਨ ਸਾਫ ਕਰਨ, ਜੋੜੇ ਝਾੜਨ, ਕੀਰਤਨ ਸਰਵਣ ਕਰਨ ਆਦਿ ਦੀ ਸੇਵਾ ਕੀਤੀ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੇ ਅਕਾਲੀ ਸਰਕਾਰ ਵੇਲੇ ਹੋਏ ਆਪਣੇ ਗੁਨਾਹ ਕਬੂਲ ਕੀਤੇ ਸਨ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਣੇ ਪੰਜ ਸਿੰਘ ਸਾਹਿਬਾਨ ਵੱਲੋਂ ਇਨ੍ਹਾਂ ਨੂੰ ਇਨ੍ਹਾਂ ਦੇ ਗੁਨਾਹਾਂ ਦੀ ਮੁਆਫ਼ੀ ਵਾਸਤੇ ਤਨਖ਼ਾਹ ਲਾਈ ਗਈ ਸੀ।