ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਨਗਰ ਨਿਗਮ ਤੇ ਕੌਂਸਲ ਚੋਣਾਂ ਦਾ ਐਲਾਨ ਇਸੇ ਹਫਤੇ ਹੋਣ ਦੇ ਆਸਾਰ ਹਨ। ਚੋਣਾਂ ਦੇ ਐਲਾਨ ਨਾਲ ਹੀ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ‘ਆਪ’ ਸਰਕਾਰ ਇਸ ਵਰ੍ਹੇ ਦੇ ਅਖੀਰ ਤੱਕ ਨਿਗਮ ਚੋਣਾਂ ਦਾ ਕੰਮ ਨੇਪਰੇ ਚਾੜ੍ਹਨਾ ਚਾਹੁੰਦੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 8 ਹਫਤਿਆਂ ਵਿਚ ਸਮੁੱਚੀ ਪ੍ਰਕਿਰਿਆ ਮੁਕੰਮਲ ਕਰਨ ਦੇ ਹੁਕਮ ਜਾਰੀ ਕੀਤੇ ਸਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸੇ ਹਫਤੇ ਦੇ ਅਖੀਰ ’ਚ ਨਿਗਮ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੰਜਾਬ ਵਿਚ ਪੰਜ ਨਗਰ ਨਿਗਮਾਂ, 42 ਨਗਰ ਕੌਂਸਲਾਂ/ਨਗਰ ਪੰਚਾਇਤਾਂ ਤੋਂ ਇਲਾਵਾ ਦਰਜਨਾਂ ਕੌਂਸਲਾਂ ਦੇ 43 ਵਾਰਡਾਂ ਵਿਚ ਉਪ ਚੋਣ ਵੀ ਹੋਣੀ ਹੈ। ਧਿਆਨ ਰਹੇ ਕਿ ਸਥਾਨਕ ਸਰਕਾਰਾਂ ਵਿਭਾਗ ਨੇ 22 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਦਸੰਬਰ ਦੇ ਅਖੀਰ ਤੱਕ ਚੋਣਾਂ ਕਰਵਾਏ ਜਾਣ ਦੀ ਗੱਲ ਆਖੀ ਸੀ, ਪਰ ਸੂਬੇ ਦੇ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਸਬੰਧੀ ਐਲਾਨ ਕੀਤਾ ਜਾਣਾ ਹੈ। ਉਧਰ ਦੂਜੇ ਪਾਸੇ ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਦਾ ਕਹਿਣਾ ਹੈ ਕਿ ਨਗਰ ਨਿਗਮ ਚੋਣਾਂ ਲਈ ਪ੍ਰਕਿਰਿਆ ਸ਼ੁਰੂ ਕਰਨ ਦੀ ਤਿਆਰੀ ਚੱਲ ਰਹੀ ਹੈ।