ਸੀਐਮ ਮਾਨ ’ਤੇ ਚੁਟਕਲੇ ਸੁਣਾਉਣ ਦੇ ਲਗਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ। ਪਰਗਟ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਦੌਰਾਨ ਸੀਐਮ ਮਾਨ ਨੇ ਉਨ੍ਹਾਂ ਸਾਹਮਣੇ ਪੰਜਾਬ ਦਾ ਕੋਈ ਮੁੱਦਾ ਨਹੀਂ ਚੁੱਕਿਆ। ਕਾਂਗਰਸੀ ਆਗੂ ਨੇ ਕਿਹਾ ਕਿ ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਦੇਣ ਦੇ ਮੁੱਦੇ ’ਤੇ ਮਾਨ ਨੇ ਨਾ ਤਾਂ ਪ੍ਰਧਾਨ ਮੰਤਰੀ ਅਤੇ ਨਾ ਹੀ ਗ੍ਰਹਿ ਮੰਤਰੀ ਨਾਲ ਕੋਈ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਐਮ ਮਾਨ ਨੇ ਇਸ ਨੂੰ ਲੈ ਕੇ ਕੋਈ ਟਿੱਪਣੀ ਵੀ ਨਹੀਂ ਕੀਤੀ। ਪਰਗਟ ਸਿੰਘ ਨੇ ਕਿਹਾ ਕਿ ਏਨੇ ਗੰਭੀਰ ਮੁੱਦੇ ਛੱਡ ਕੇ ਭਗਵੰਤ ਮਾਨ ਚੁਟਕਲੇ ਸੁਣਾਉਣ ਵਿਚ ਰੁੱਝੇ ਰਹਿੰਦੇ ਹਨ। ਉਨ੍ਹਾਂ ਕਿਹਾ ਪਿਛਲੇ ਕਈ ਦਿਨਾਂ ਤੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਮੁੱਦਾ ਅਤੇ ਨਾਲ ਹੀ ਪਾਣੀ ਦਾ ਮੁੱਦਾ ਵੀ ਗਰਮਾਇਆ ਹੋਇਆ ਹੈ। ਪਰਗਟ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ।