ਧੁੰਦ ਨੂੰ ਲੈ ਕੇ ਵੀ ਅਲਰਟ ਹੋਇਆ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ, ਚੰਡੀਗੜ੍ਹ ਤੇ ਨੇੜਲੇ ਇਲਾਕਿਆਂ ਵਿਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਵਿਚ ਔਸਤਨ ਘੱਟੋ-ਘੱਟ ਤਾਪਮਾਨ ਵਿਚ 3.2 ਡਿਗਰੀ ਅਤੇ ਚੰਡੀਗੜ੍ਹ ਵਿਚ 4.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਭ ਤੋਂ ਘੱਟ ਤਾਪਮਾਨ ਸੰਗਰੂਰ ਵਿਚ 4.5 ਡਿਗਰੀ ਦਰਜ ਕੀਤਾ ਗਿਆ। ਮੁਹਾਲੀ ਨੂੰ ਛੱਡ ਕੇ ਪੰਜਾਬ ਦੇ ਸਾਰੇ ਸ਼ਹਿਰਾਂ ਅਤੇ ਚੰਡੀਗੜ੍ਹ ਦਾ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਪਹਾੜਾਂ ਵਿਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਠੰਡ ਲਗਾਤਾਰ ਵਧ ਰਹੀ ਹੈ। ਇਸਦੇ ਨਾਲ ਹੀ 8 ਦਸੰਬਰ ਤੋਂ ਪੱਛਮੀ ਗੜਬੜੀ ਵੀ ਸਰਗਰਮ ਹੋ ਸਕਦੀ ਹੈ, ਜਿਸ ਕਾਰਨ ਹਿਮਾਲਿਆ ਦੀਆਂ ਪਹਾੜੀਆਂ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿਚ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਦੌਰਾਨ 7 ਤੋਂ 9 ਦਸੰਬਰ ਤੱਕ ਪੰਜਾਬ ਵਿਚ ਸੰਘਣੀ ਧੁੰਦ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ।