ਪੰਚਾਇਤੀ ਜ਼ਮੀਨਾਂ ’ਚ ਬਾਗ ਤੇ ਸਬਜ਼ੀਆਂ ਲਾਉਣ ਦੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦਾ ਬਾਗਬਾਨੀ ਵਿਭਾਗ ਕਣਕ ਤੇ ਝੋਨੇ ਦਾ ਫਸਲੀ ਚੱਕਰ ਤੋੜਨ ਅਤੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਹੰਭਲਾ ਮਾਰਨ ਲੱਗਿਆ ਹੈ। ਬਾਗਬਾਨੀ ਵਿਭਾਗ ਖੇਤੀਯੋਗ ਪੰਚਾਇਤੀ ਜ਼ਮੀਨ ਵਿਚੋਂ ਕੇਵਲ 10 ਫੀਸਦੀ ਰਕਬੇ ਵਿਚ ਬਾਗ ਅਤੇ ਸਬਜ਼ੀਆਂ ਬੀਜਣ ਨੂੰ ਯਕੀਨੀ ਬਣਾਉਣ ਦੀ ਯੋਜਨਾ ਤਿਆਰ ਕਰ ਰਿਹਾ ਹੈ। ਜੇ ਯੋਜਨਾ ਸਿਰੇ ਚੜ੍ਹ ਜਾਂਦੀ ਹੈ ਤਾਂ ਫਸਲੀ ਚੱਕਰ ਤੋੜਨ ਖਾਸ ਕਰਕੇ ਝੋਨੇ ਹੇਠ ਰਕਬਾ ਘਟਾਉਣ ਵਿਚ ਕਾਮਯਾਬੀ ਮਿਲ ਸਕਦੀ ਹੈ। ਬਾਗਬਾਨੀ ਵਿਭਾਗ ਦੇ ਮੰਤਰੀ ਮੋਹਿੰਦਰ ਭਗਤ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੌਜੂਦਾ ਸਮੇਂ ਵਿਚ ਫਸਲੀ ਚੱਕਰ ਤੋੜਨਾ, ਪਾਣੀ ਬਚਾਉਣਾ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਚਾਹੁੰਦਾ ਹੈ ਕਿ ਪੰਚਾਇਤੀ ਜ਼ਮੀਨ ਦਾ 10 ਫ਼ੀਸਦੀ ਹਿੱਸਾ ਫ਼ਲ, ਸਬਜ਼ੀਆਂ ਬੀਜਣ ਲਈ ਰਾਖਵਾਂ ਰੱਖਿਆ ਜਾਵੇ ਤਾਂ ਇਸ ਨਾਲ ਖੇਤੀ ਸੈਕਟਰ ਵਿਚ ਬਦਲਾਅ ਲਿਆਂਦਾ ਜਾ ਸਕਦਾ ਹੈ। ਧਿਆਨ ਰਹੇ ਕਿ ਪਿਛਲੇ ਲੰਬੇ ਅਰਸੇ ਤੋਂ ਪੰਜਾਬ ਵਿਚ ਕਣਕ ਅਤੇ ਝੋਨੇ ਹੇਠ ਰਕਬਾ ਵਧਦਾ ਜਾ ਰਿਹਾ ਹੈ, ਜਿਸ ਕਾਰਨ ਸੂਬੇ ਵਿਚ ਧਰਤੀ ਹੇਠਲਾ ਪਾਣੀ ਲਗਾਤਾਰ ਡਿੱਗ ਰਿਹਾ ਹੈ।