ਆਬਕਾਰੀ ਨੀਤੀ ਮਾਮਲਾ; 20 ਦਸੰਬਰ ਨੂੰ ਹੀ ਹੋਵੇਗੀ ਸੁਣਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਆਬਕਾਰੀ ਨੀਤੀ ਮਾਮਲੇ ਵਿਚ ਹੇਠਲੀ ਅਦਾਲਤ ਦੇ ਨੋਟਿਸ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਜਲਦੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੇਜਰੀਵਾਲ ਨੇ ਆਪਣੇ ਖਿਲਾਫ ਚਾਰਜਸ਼ੀਟ ਦਾਖਲ ਹੋਣ ਤੋਂ ਬਾਅਦ ਹਾਈਕੋਰਟ ਦਾ ਰੁਖ਼ ਕੀਤਾ ਸੀ। ਕੇਜਰੀਵਾਲ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਉਹ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰੇ ਕਿਉਂਕਿ ਉਨ੍ਹਾਂ ਖਿਲਾਫ ਮੁਕੱਦਮਾ ਚਲਾਉਣ ਲਈ ਕੋਈ ਮਨਜ਼ੂਰੀ ਨਹੀਂ ਲਈ ਗਈ ਸੀ। ਮਾਨਯੋਗ ਜਸਟਿਸ ਮਨੋਜ ਕੁਮਾਰ ਓਹਰੀ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਉਸੇ ਤਰੀਕ 20 ਦਸੰਬਰ ਨੂੰ ਹੀ ਹੋਵੇਗੀ। ਦੱਸਣਾ ਬਣਦਾ ਹੈ ਕਿ ਕੇਜਰੀਵਾਲ ਨੇ ਆਪਣੀ ਪਟੀਸ਼ਨ ’ਤੇ ਸੁਣਵਾਈ ਦੀ ਤਰੀਕ 20 ਦਸੰਬਰ ਤੋਂ ਪਹਿਲਾਂ ਕਰਨ ਦੀ ਮੰਗ ਕੀਤੀ ਸੀ।