ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਲ 2015 ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੁਆਫ਼ੀ ਦੇਣ ਦੇ ਮਾਮਲੇ ਦਾ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਨੋਟਿਸ ਲੈਂਦਿਆਂ ਤਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਕੋਲੋਂ ਫ਼ਖ਼ਰ-ਏ-ਕੌਮ ਦਾ ਖਿਤਾਬ ਵਾਪਸ ਲੈਣ ਦਾ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਮੀਟਿੰਗ ਹੋਈ ਸੀ ਜਿਸ ‘ਚ ਪ੍ਰਕਾਸ਼ ਸਿੰਘ ਬਾਦਲ ਵੀ ਹਾਜ਼ਰ ਸਨ ਅਤੇ ਉਨ੍ਹਾਂ ਤਖ਼ਤਾਂ ਦੇ ਜਥੇਦਾਰਾਂ ਨੂੰ ਆਪਣੇ ਘਰ ਵਿਖੇ ਸੱਦ ਕੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ ਕਰਨ ਵਾਸਤੇ ਪ੍ਰਭਾਵ ਵਰਤਿਆ ਸੀ। ਸਿੰਘ ਸਾਹਿਬਾਨ ਨੇ ਇਸ ਸਬੰਧ ਵਿੱਚ ਸੁਖਦੇਵ ਸਿੰਘ ਢੀਂਡਸਾ ਅਤੇ ਬਲਵਿੰਦਰ ਸਿੰਘ ਭੂੰਦੜ ਕੋਲੋਂ ਵੀ ਜਵਾਬ-ਤਲਬੀ ਕੀਤੀ। ਭੂੰਦੜ ਨੇ ਆਪਣੇ ‘ਤੇ ਡੇਰਾ ਸਿਰਸਾ ਦੇ ਆਗੂਆਂ ਨਾਲ ਮੀਟਿੰਗਾਂ ਕਰਨ ਦੇ ਲੱਗੇ ਦੋਸ਼ਾਂ ਨੂੰ ਨਕਾਰ ਦਿੱਤਾ। ਉਨ੍ਹਾਂ ‘ਤੇ ਡੇਰਾ ਮੁਖੀ ਨੂੰ ਮੁਆਫ਼ ਕਰਨ ਦੇ ਫ਼ੈਸਲੇ ਦੀ ਹਮਾਇਤ ਕਰਨ ਦਾ ਦੋਸ਼ ਸੀ। ਇਸੇ ਮਾਮਲੇ ਵਿੱਚ ਤਿੰਨ ਸਾਬਕਾ ਜਥੇਦਾਰਾਂ ਕੋਲੋਂ ਵੀ ਸਪਸ਼ਟੀਕਰਨ ਮੰਗੇ ਗਏ ਸਨ ਜਿਨ੍ਹਾਂ ਵਿੱਚ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਤਿੰਨਾਂ ਸਾਬਕਾ ਜਥੇਦਾਰਾਂ ਦੇ ਸਪਸ਼ਟੀਕਰਨਾਂ ਤੋਂ ਉਹ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਜਥੇਦਾਰਾਂ ਨੂੰ ਆਪਣੇ ਘਰ ਬੁਲਾਉਣਾ ਕਬੂਲ ਕੀਤਾ ਹੈ।