ਸੁਰੱਖਿਆ ਲਈ ਤਾਇਨਾਤ ਏਐੱਸਆਈ ਨੇ ਹਮਲਾਵਰ ਨੂੰ ਫੜਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਵੱਜੋਂ ਸੇਵਾ ਨਿਭਾਅ ਰਹੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਉਸ ਵੇਲੇ ਵਾਲ-ਵਾਲ ਬਚ ਗਏ ਜਦੋਂ ਇਕ ਵਿਅਕਤੀ ਨੇ ਐਨ ਨੇੜਿਉਂ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ। ਸੁਖਬੀਰ ਦੀ ਸੁਰੱਖਿਆ ਵਿੱਚ ਸਾਦੀ ਵਰਦੀ ‘ਚ ਤਾਇਨਾਤ ਏਐੱਸਆਈ ਜਸਬੀਰ ਸਿੰਘ ਨੇ ਉਸ ਵਿਅਕਤੀ ਨੂੰ ਫੜ ਲਿਆ। ਘਟਨਾ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਆਲੇ-ਦੁਆਲੇ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਸਨ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੌਕੇ ‘ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਨੇ ਹਮਲਾਵਰ ਨੂੰ ਤੁਰੰਤ ਗ੍ਰਿਫਤਾਰ ਕਰਕੇ ਹਮਲੇ ਨੂੰ ਨਾਕਾਮ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਵੇਲੇ ਗੋਲੀ ਚਲਾਉਣ ਦਾ ਯਤਨ ਕੀਤਾ ਗਿਆ, ਉਸ ਵੇਲੇ ਤਿੰਨ ਪੁਲਿਸ ਕਰਮਚਾਰੀ ਸਾਦੇ ਕੱਪੜਿਆਂ ਵਿੱਚ ਸੁਖਬੀਰ ਸਿੰਘ ਬਾਦਲ ਦੇ ਨਾਲ ਤਾਇਨਾਤ ਸਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਧਾਰਮਿਕ ਅਸਥਾਨ ਹੋਣ ਕਾਰਨ ਇੱਥੇ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਤਲਾਸ਼ੀ ਨਹੀਂ ਲਈ ਜਾ ਸਕਦੀ ਹੈ ਪਰ ਇਸ ਦੇ ਬਾਵਜੂਦ ਸੁਰੱਖਿਆ ਕਰਮਚਾਰੀ ਚੌਕਸ ਸਨ।
ਇਹ ਘਟਨਾ ਬੁੱਧਵਾਰ ਸਵੇਰੇ ਕਰੀਬ ਸਾਢੇ 9 ਵਜੇ ਦੀ ਹੈ ਜਦੋਂ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਤਨਖਾਹ ਤਹਿਤ ਸੁਖਬੀਰ ਸਿੰਘ ਬਾਦਲ ਲਗਾਤਾਰ ਦੂਜੇ ਦਿਨ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਵਾਲੇ ਪਾਸੇ ਪ੍ਰਵੇਸ਼ ਦੁਆਰ ‘ਤੇ ਪਹਿਰੇਦਾਰ ਦੀ ਸੇਵਾ ਨਿਭਾਉਣ ਲਈ ਤਾਇਨਾਤ ਸਨ। ਸੁਖਬੀਰ ਸੇਵਾਦਾਰ ਵਾਲਾ ਨੀਲਾ ਚੋਲਾ ਪਹਿਨ ਕੇ ਅਤੇ ਹੱਥ ‘ਚ ਬਰਛਾ ਫੜ ਕੇ ਵੀਲ੍ਹ ਚੇਅਰ ‘ਤੇ ਬੈਠੇ ਹੋਏ ਸਨ। ਦੂਜੇ ਪਾਸੇ ਇਸੇ ਤਰ੍ਹਾਂ ਸੁਖਦੇਵ ਸਿੰਘ ਢੀਂਡਸਾ ਵੀ ਸੇਵਾ ਨਿਭਾਅ ਰਹੇ ਸਨ। ਇਸ ਘਟਨਾ ਮਗਰੋਂ ਵੀ ਸੁਖਬੀਰ ਸਿੰਘ ਬਾਦਲ ਤਨਖਾਹ ਤਹਿਤ ਇਕ ਘੰਟੇ ਤੱਕ ਪਹਿਰੇਦਾਰੀ ‘ਤੇ ਤਾਇਨਾਤ ਰਹੇ। ਬਾਅਦ ‘ਚ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਕੀਰਤਨ ਸਰਵਣ ਕੀਤਾ ਅਤੇ ਗੁਰੂ ਰਾਮਦਾਸ ਲੰਗਰ ਘਰ ਵਿੱਚ ਭਾਂਡੇ ਵੀ ਸਾਫ ਕੀਤੇ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਮੌਕੇ ‘ਤੇ ਪੁੱਜੇ। ਉਹ ਕੁਝ ਭਾਵੁਕ ਵੀ ਦਿਖਾਈ ਦਿੱਤੇ ਅਤੇ ਉਨ੍ਹਾਂ ਗੁਰੂ ਘਰ ਵਿੱਚ ਸੁਖਬੀਰ ਸਿੰਘ ਬਾਦਲ ਦੀ ਸਲਾਮਤੀ ਦੀ ਅਰਦਾਸ ਵੀ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਮਲੇ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ : ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਪੁਲਿਸ ਮੁਖੀ ਨੂੰ ਹਮਲੇ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ। ਹਮਲਾ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜਦਿਆਂ ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮੀਆਂ ਨੇ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਦਾ ਮਨਸੂਬਾ ਨਾਕਾਮ ਬਣਾ ਦਿੱਤਾ।
ਸੁਖਬੀਰ ‘ਤੇ ਨਹੀਂ, ਦਰਬਾਰ ਸਾਹਿਬ ਦੇ ਸੇਵਾਦਾਰ ‘ਤੇ ਹੋਇਆ ਹਮਲਾ : ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ‘ਤੇ ਸੇਵਾ ਕਰਨ ਦੌਰਾਨ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ‘ਤੇ ਨਹੀਂ ਸਗੋਂ ਅਕਾਲ ਤਖ਼ਤ ਸਾਹਿਬ ਵੱਲੋਂ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਵਾਲੇ ਪਾਸੇ ਪਹਿਰੇਦਾਰ ਦੀ ਲਾਈ ਗਈ ਸੇਵਾ ਕਰ ਰਹੇ ਇੱਕ ਸੇਵਾਦਾਰ ‘ਤੇ ਹੋਇਆ ਹੈ। ਉਨ੍ਹਾਂ ਪੁਲਿਸ ਨੂੰ ਆਖਿਆ ਕਿ ਉਹ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਪਤਾ ਲਗਾਉਣ ਕਿ ਹਮਲੇ ਪਿੱਛੇ ਕਿਸ ਦੀ ਸਾਜਿਸ਼ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਧਾਰਮਿਕ ਸੇਵਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ‘ਤੇ ਲੈਣਾ ਬੇਹੱਦ ਦੁਖਦਾਈ ਅਤੇ ਗ਼ੈਰ-ਇਖਲਾਕੀ ਕਰਵਾਈ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਅਤਿ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਉਹ ਪਵਿੱਤਰ ਅਸਥਾਨ ਹੈ ਜਿੱਥੇ ਜੋ ਵੀ ਆਉਂਦਾ ਹੈ ਉਹ ਆਪਣੇ ਆਪ ਨੂੰ ਭੈਅ ਮੁਕਤ ਅਤੇ ਗੁਰੂ ਅੱਗੇ ਸਮਰਪਿਤ ਹੋਣ ਦੀ ਭਾਵਨਾ ਲੈ ਕੇ ਆਉਂਦਾ ਹੈ। ਇਸ ਕਰਕੇ ਹਮਲੇ ਦੀ ਕੋਸ਼ਿਸ਼ ਅਤਿ ਮੰਦਭਾਗੀ ਹੈ।