ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ’ਤੇ ਲਗਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ’ਤੇ ਕਿਸਾਨਾਂ ਨਾਲ ਬੇਗਾਨਿਆਂ ਵਾਲਾ ਵਿਹਾਰ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਪੈਦਲ ਮਾਰਚ ਨੂੰ ਦਬਾਉਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਵੀ ਕੀਤੀ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਸ਼ੰਭੂ ਬਾਰਡਰ ’ਤੇ ਭਾਰੀ ਪੁਲਿਸ ਤਾਇਨਾਤ ਕਰਨ ਦੇ ਨਾਲ ਕੌਮਾਂਤਰੀ ਸਰਹੱਦ ਵਰਗੀ ਬੈਰੀਕੇਡਿੰਗ ਇਸ ਤਰ੍ਹਾਂ ਬਣਾਈ ਹੈ ਜਿਵੇਂ ਪੰਜਾਬ ਇਸ ਦੇਸ਼ ਦਾ ਹਿੱਸਾ ਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬ ਦੇ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰ ਰਹੀ ਹੈ। ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ।