ਸ਼ੰਭੂ ਬਾਰਡਰ ’ਤੇ ਕਿਸਾਨਾਂ ਦਾ ਚੱਲ ਰਿਹਾ ਹੈ ਰੋਸ ਧਰਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਬੰਦ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਲਈ ਗਈ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਹੀ ਅਦਾਲਤ ਵਿਚ ਚੱਲ ਰਹੇ ਹਨ, ਫਿਰ ਵਾਰ-ਵਾਰ ਇਸ ਤਰ੍ਹਾਂ ਦੀ ਪਟੀਸ਼ਨ ਦਾਖਲ ਕਿਉਂ ਕੀਤੀ ਜਾ ਰਹੀ ਹੈ। ਅਦਾਲਤ ਨੇ ਕਿਹਾ ਕਿ ਅਜਿਹੀ ਪਟੀਸ਼ਨ ਦਾਖਲ ਕਰਨ ਨਾਲ ਇਹ ਧਾਰਨਾ ਬਣ ਰਹੀ ਹੈ ਕਿ ਇੱਥੇ ਕੋਈ ਵੀ ਵਿਅਕਤੀ ਕੇਵਲ ਲੋਕਾਂ ਨੂੰ ਦਿਖਾਉਣ ਦੇ ਲਈ ਮੁਕੱਦਮਾ ਕਰਨ ਲਈ ਆਇਆ ਹੈ। ਅਦਾਲਤ ਨੇ ਪਟੀਸ਼ਨ ਕਰਤਾ ਨੂੰ ਕਿਹਾ ਕਿ ਜੇਕਰ ਤੁਸੀਂ ਪਹਿਲਾਂ ਤੋਂ ਚੱਲ ਰਹੀ ਪਟੀਸ਼ਨ ਵਿਚ ਸਹਿਯੋਗ ਕਰਨਾ ਚਾਹੁੰਦੇ ਹੋ ਤਾਂ ਤੁਹਾਡਾ ਸਵਾਗਤ ਹੈ। ਇਹ ਪਟੀਸ਼ਨ ਜਲੰਧਰ ਦੇ ਇਕ ਵਿਅਕਤੀ ਵਲੋਂ ਲਗਾਈ ਗਈ ਸੀ। ਉਸ ਨੇ ਮੰਗ ਕੀਤੀ ਸੀ ਕਿ ਕੇਂਦਰ ਸਰਕਾਰ ਦੇ ਨਾਲ ਹਰਿਆਣਾ ਅਤੇ ਪੰਜਾਬ ਦੀ ਸਰਕਾਰ ਨੂੰ ਨਿਰਦੇਸ਼ ਦਿੱਤਾ ਜਾਵੇ ਕਿ ਸ਼ੰਭੂ ਬਾਰਡਰ ਸਮੇਤ ਉਨ੍ਹਾਂ ਸਾਰੇ ਸਟੇਟ-ਨੈਸ਼ਨਲ ਹਾਈਵੇ ਨੂੰ ਟਰੈਫਿਕ ਲਈ ਖੋਲ੍ਹਿਆ ਜਾਵੇ, ਜੋ ਕਿਸਾਨਾਂ ਦੇ ਪ੍ਰਦਰਸ਼ਨ ਦੇ ਚੱਲਦਿਆਂ ਬੰਦ ਕੀਤੇ ਗਏ ਹਨ।