ਟਰੰਪ ਨੇ ਹਰਮੀਤ ਢਿੱਲੋਂ ਨੂੰ ਸਹਾਇਕ ਅਟਾਰਨੀ ਜਨਰਲ ਵਜੋਂ ਕੀਤਾ ਹੈ ਨਾਮਜ਼ਦ
ਨਿਊਯਾਰਕ/ਬਿਊਰੋ ਨਿਊਜ਼
ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਲਡ ਟਰੰਪ ਵਲੋਂ ਭਾਰਤੀ ਮੂਲ ਦੀ ਅਮਰੀਕੀ ਹਰਮੀਤ ਕੇ. ਢਿੱਲੋਂ ਨੂੰ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਬਣਾਇਆ ਗਿਆ ਹੈ। ਹਰਮੀਤ ਢਿੱਲੋਂ ਨੇ ਪੰਜਾਬ ਦੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ। ਸੋਸ਼ਲ ਮੀਡੀਆ ਪਲੈਟਫਾਰਮ ’ਤੇ ਵੀ ਹਰਮੀਤ ਕੇ. ਢਿੱਲੋਂ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਹਮਾਇਤ ਕੀਤੀ ਹੈ। ਆਪਣੇ ਪਰਿਵਾਰ ਦਾ ਖੇਤੀ ਨਾਲ ਜੁੜੇ ਹੋਣ ਬਾਰੇ ਜ਼ਿਕਰ ਕਰਦੇ ਹੋਏ ਢਿੱਲੋਂ ਨੇ ਕਿਹਾ ਕਿ ਮੈਂ ਫਾਰਮਰਜ਼ ਪ੍ਰੋਟੈਸਟ ਦੇ ਨਾਲ ਖੜ੍ਹੀ ਹਾਂ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਕਿਸਾਨਾਂ ਨੂੰ ਮਿਲਣ ਅਤੇ ਸਮਝੌਤਾ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਡੋਨਲਡ ਟਰੰਪ ਨੇ ਵੀ ਕਿਹਾ ਸੀ ਕਿ ਮੈਂ ਹਰਮੀਤ ਕੇ. ਢਿੱਲੋਂ ਨੂੰ ਅਮਰੀਕੀ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕਰਕੇ ਖੁਸ਼ ਹਾਂ। ਟਰੰਪ ਨੇ ਇਹ ਵੀ ਕਿਹਾ ਸੀ ਕਿ ਆਪਣੇ ਪੂਰੇ ਕੈਰੀਅਰ ਦੌਰਾਨ, ਹਰਮੀਤ ਸਾਡੀਆਂ ਨਾਗਰਿਕ ਆਜ਼ਾਦੀਆਂ ਦੀ ਰੱਖਿਆ ਲਈ ਲਗਾਤਾਰ ਖੜ੍ਹੀ ਰਹੀ ਹੈ।