ਸਾਰੇ ਮੈਂਬਰਾਂ ਵੱਲੋਂ ਸਹਿਮਤੀ ਦੇਣ ਮਗਰੋਂ ਲਿਆ ਫੈਸਲਾ : ਵਡਾਲਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲ ਤਖਤ ਸਾਹਿਬ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਆਪਣੀ ਜਥੇਬੰਦੀ ਦਾ ਢਾਂਚਾ ਭੰਗ ਕਰਨ ਦਾ ਰਸਮੀ ਐਲਾਨ ਕੀਤਾ ਹੈ। ਸੁਧਾਰ ਲਹਿਰ ਦੇ ਆਗੂਆਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਖਿਲਾਫ ਬਗ਼ਾਵਤ ਕੀਤੀ ਗਈ ਸੀ।
ਇਸ ਫ਼ੈਸਲੇ ਦਾ ਐਲਾਨ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਸੁਧਾਰ ਲਹਿਰ ਤੇ ਆਗੂਆਂ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ। ਜਥੇਬੰਦੀ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਅਧਿਕਾਰਤ ਤੌਰ ‘ਤੇ ਭੰਗ ਕਰ ਦਿੱਤਾ ਗਿਆ ਹੈ।
ਸਾਰੇ ਮੈਂਬਰਾਂ ਨੇ ਇਸ ਮਾਮਲੇ ਵਿੱਚ ਆਪਣੀ ਸਹਿਮਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਸਬੰਧੀ ਦੱਸ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਆਦੇਸ਼ ਕੀਤਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦੋਵੇਂ ਧੜੇ ਇਕਜੁੱਟ ਹੋ ਜਾਣ। ਉਨ੍ਹਾਂ ਕਿਹਾ ਕਿ ਇਸ ਆਦੇਸ਼ ਨੂੰ ਉਸੇ ਦਿਨ ਹੀ ਮੰਨ ਲਿਆ ਗਿਆ ਸੀ ਪਰ ਇਸ ਮੀਟਿੰਗ ਵਿੱਚ ਸਮੂਹ ਆਗੂਆਂ ਨੇ ਇਸ ਮਾਮਲੇ ਵਿੱਚ ਆਪਣੀ ਸਹਿਮਤੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਲੀਡਰਸ਼ਿਪ ਦੀ ਚੋਣ ਵਾਸਤੇ, ਨਵੇਂ ਮੈਂਬਰ ਭਰਤੀ ਕਰਨ, ਡੈਲੀਗੇਟ ਬਣਾਉਣ ਅਤੇ ਪ੍ਰਧਾਨ ਚੁਣਨ ਵਾਸਤੇ ਸੱਤ ਮੈਂਬਰੀ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਹੀ ਧਾਮੀ ਦੇ ਕਮੇਟੀ ਦੀ ਮੀਟਿੰਗ ਸਬੰਧੀ ਆਏ ਬਿਆਨ ਤੋਂ ਉਹ ਹੈਰਾਨ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮਿਲਣਗੇ ਤੇ ਸਮੁੱਚੀ ਸਥਿਤੀ ਤੋਂ ਜਾਣੂ ਕਰਵਾਉਣਗੇ।
ਇਸ ਦੌਰਾਨ ਸੁਧਾਰ ਲਹਿਰ ਦੇ ਆਗੂਆਂ ਵਿੱਚ ਸ਼ਾਮਲ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਤਨਖ਼ਾਹ ਨੂੰ ਮੁਕੰਮਲ ਕਰ ਲਿਆ ਹੈ। ਇਸ ਸਬੰਧ ਵਿੱਚ ਅਕਾਲ ਤਖ਼ਤ ਸਾਹਿਬ ਵਿਖੇ ਤਨਖ਼ਾਹ ਦੀ ਸਮਾਪਤੀ ਅਤੇ ਖਿਮਾ ਯਾਚਨਾ ਦੀ ਅਰਦਾਸ ਕਰਵਾਈ ਹੈ। ਇਸ ਤੋਂ ਪਹਿਲਾਂ ਇਹ ਸਾਰੇ ਆਗੂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਵੀ ਮੱਥਾ ਟੇਕਿਆ ਤੇ ਬਾਅਦ ਵਿੱਚ ਮਾਲ ਰੋਡ ‘ਤੇ ਇੱਕ ਘਰ ਵਿੱਚ ਜਥੇਬੰਦੀ ਦੀ ਮੀਟਿੰਗ ਕੀਤੀ ਜਿੱਥੇ ਇਹ ਫ਼ੈਸਲਾ ਕੀਤਾ ਗਿਆ।