ਡੀਜੀਪੀ ਪੰਜਾਬ ਗੌਰਵ ਯਾਦਵ ਡੱਲੇਵਾਲ ਨੂੰ ਮਿਲੇ
ਪਟਿਆਲਾ/ਬਿਊਰੋ ਨਿਊਜ਼
ਢਾਬੀਗੁੱਜਰਾਂ ਖਨੌਰੀ ਬਾਰਡਰ ਉੱਤੇ 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਪਹੁੰਚੇ ਤੇ ਉਨ੍ਹਾਂ ਦਾ ਸਿਹਤ ਸੰਬੰਧੀ ਹਾਲ ਜਾਣਿਆ। ਇਸ ਦੌਰਾਨ ਉਨ੍ਹਾਂ ਨਾਲ ਕੇਂਦਰ ਸਰਕਾਰ ਦੇ ਇਕ ਅਧਿਕਾਰੀ ਮਹਿਕ ਮਿਸ਼ਰਾ, ਡੀਆਈਜੀ ਪਟਿਆਲਾ ਮਨਦੀਪ ਸਿੰਘ ਸਿੱਧੂ, ਡਵੀਜ਼ਨਲ ਕਮਿਸ਼ਨਰ ਪਟਿਆਲਾ, ਡੀਸੀ ਪਟਿਆਲਾ ਡਾਕਟਰ ਪ੍ਰੀਤੀ ਯਾਦਵ, ਐਸਐਸਪੀ ਪਟਿਆਲਾ ਡਾਕਟਰ ਨਾਨਕ ਸਿੰਘ ਸਮੇਤ ਪੁਲਿਸ ਦੇ ਆਲ੍ਹਾ ਅਧਿਕਾਰੀ ਵੀ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਹ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਸਬੰਧੀ ਉਨ੍ਹਾਂ ਦਾ ਹਾਲ ਜਾਨਣ ਲਈ ਆਏ ਸਨ। ਡੀਜੀਪੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨੀ ਮਸਲਿਆਂ ਦੇ ਹੱਲ ਲਈ ਕੇਂਦਰ ਸਰਕਾਰ ਨਾਲ ਵੀ ਰਾਬਤਾ ਸਾਧਿਆ ਹੋਇਆ ਹੈ। ਉਨ੍ਹਾਂ ਕਿਸਾਨਾਂ ਅਤੇ ਕੇਂਦਰ ਦਰਮਿਆਨ ਜਲਦੀ ਕੋਈ ਉਸਾਰੂ ਗੱਲਬਾਤ ਸ਼ੁਰੂ ਹੋਣ ਦੀ ਸੰਭਾਵਨਾ ਵੀ ਜਤਾਈ।