ਸਰਵਣ ਸਿੰਘ ਪੰਧੇਰ ਨੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਏਕਤਾ ਨੂੰ ਬੇਹੱਦ ਜ਼ਰੂਰੀ ਕਰਾਰ ਦਿੱਤਾ
ਪਟਿਆਲਾ/ਬਿਊਰੋ ਨਿਊਜ਼
ਬੀਤੇ ਦਸ ਮਹੀਨਿਆਂ ਤੋਂ ਢਾਬੀ ਗੁਜਰਾਂ ਤੇ ਸ਼ੰਭੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚੇ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਵੱਡਾ ਫੈਸਲਾ ਕਰਦਿਆਂ ਅੱਜ ਇਕ ਪੱਤਰ ਲਿਖ ਕੇ ਸੰਯੁਕਤ ਕਿਸਾਨ ਮੋਰਚੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਇਸ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਲਈ ਏਕਤਾ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਤੋਂ ਕਿਸਾਨੀ ਮੰਗਾਂ ਮਨਵਾਉਣ ਲਈ ਇਕਮੁੱਠਤਾ ਤੇ ਇਕਜੁੱਟਤਾ ਬੇਹੱਦ ਜ਼ਰੂਰੀ ਹੈ।
ਅੱਜ ਐਤਵਾਰ ਨੂੰ ਸ਼ੰਭੂ ਬਾਰਡਰ ’ਤੇ ਇਕ ਪ੍ਰੈਸ ਕਾਨਫਰੰਸ ਦੌਰਾਨ ਜਾਰੀ ਕੀਤੇ ਗਏ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਵੱਲੋਂ ਤਾਂ 10 ਮਹੀਨੇ ਪਹਿਲਾਂ ਇਹ ਕਿਸਾਨ ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਵੀ ਸਮੂਹ ਜਥੇਬੰਦੀਆਂ ਦਰਮਿਆਨ ਏਕਤਾ ਦੇ ਜਤਨ ਜੁਟਾਏ ਸਨ। ਉਨ੍ਹਾਂ ਕਿਹਾ ਕਿ ਭਾਵੇਂ ਉਹ ਯਤਨ ਨੇਪਰੇ ਨਹੀਂ ਚੜ੍ਹੇ ਸਨ ਪਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ 12 ਮੰਗਾਂ ਦੀ ਪੂਰਤੀ ਨੂੰ ਲੈ ਕੇ ਕੀਤੇ ਜਾ ਰਹੇ ਇਸ ਸੰਘਰਸ਼ ਦੀ ਚੜ੍ਹਦੀ ਕਲਾ ਲਈ ਸਮੁੱਚੀ ਏਕਤਾ ਸਬੰਧੀ ਯਤਨ ਜਾਰੀ ਰੱਖਦਿਆਂ ਉਹ ਮੁੜ ਸੰਯੁਕਤ ਕਿਸਾਨ ਮੋਰਚੇ ਦੀਆਂ ਸਮੂਹ ਜਥੇਬੰਦੀਆਂ ਨੂੰ ਏਕਤਾ ਦਾ ਸੱਦਾ ਦਿੰਦੇ ਹਨ।