ਧਾਮੀ ਨੇ ਬੀਬੀ ਜਗੀਰ ਕੌਰ ਪ੍ਰਤੀ ਹਲਕੀ ਸ਼ਬਦਾਵਲੀ ਦੀ ਕੀਤੀ ਸੀ ਵਰਤੋਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਮਹਿਲਾ ਕਮਿਸ਼ਨ ਦੇ ਸੰਮਣ ਮਿਲਣ ਤੋਂ ਬਾਅਦ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਚੰਡੀਗੜ੍ਹ ਪਹੁੰਚੇ। ਧਿਆਨ ਰਹੇ ਕਿ ਲੰਘੇ ਸ਼ਨੀਵਾਰ ਨੂੰ ਧਾਮੀ ਵਲੋਂ ਬੀਬੀ ਜਗੀਰ ਕੌਰ ਦੇ ਖਿਲਾਫ ਹਲਕੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਮਾਮਲਾ ਮੀਡੀਆ ਵਿਚ ਆਉਣ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਇਸ ’ਤੇ ਕਾਰਵਾਈ ਕਰਦੇ ਹੋਏ ਐਡਵੋਕੇਟ ਧਾਮੀ ਨੂੰ ਜਵਾਬ ਦੇਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਮਹਿਲਾ ਕਮਿਸ਼ਨ ਨੂੰ ਆਪਣਾ ਜਵਾਬ ਸੌਂਪਿਆ ਅਤੇ ਦੱਸਿਆ ਕਿ ਉਨ੍ਹਾਂ ਕੋਲੋਂ ਗਲਤੀ ਹੋਈ ਹੈ ਅਤੇ ਇਸਦੇ ਲਈ ਉਹ ਮਾਫੀ ਮੰਗਦੇ ਹਨ। ਉਧਰ ਦੂਜੇ ਪਾਸੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਇਹ ਮਾਮਲਾ ਸਿਰਫ ਮਾਫੀ ਮੰਗਣ ਨਾਲ ਖਤਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜਲਦਬਾਜ਼ੀ ਵਿਚ ਉਹ ਗੱਲ ਬਾਹਰ ਆਉਂਦੀ ਹੈ ਜੋ ਦਿਲ ਵਿਚ ਹੁੰਦੀ ਹੈ। ਰਾਜ ਲਾਲੀ ਗਿੱਲ ਨੇ ਕਿਹਾ ਕਿ ਉਹ ਬੀਬੀ ਜਗੀਰ ਕੌਰ ਦਾ ਵੀ ਪੱਖ ਸੁਣਨਗੇ ਅਤੇ ਇਸ ਤੋਂ ਬਾਅਦ ਹੀ ਕਾਰਵਾਈ ਅੱਗੇ ਵਧਾਈ ਜਾਵੇਗੀ।