ਬਾਜਵਾ ਨੇ ਨਿਗਮ ਚੋਣਾਂ ਨੂੰ ਲੈ ਕੇ ਸੱਤਾਧਾਰੀ ਪਾਰਟੀ ’ਤੇ ਲਗਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸੋਮਵਾਰ ਨੂੰ ਪੰਜਾਬ ਦੇ ਚੋਣ ਕਮਿਸ਼ਨ ਨਾਲ ਚੰਡੀਗੜ੍ਹ ਵਿਚ ਮੁਲਾਕਾਤ ਕੀਤੀ ਹੈ। ਮੁਲਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੀ ਤਰ੍ਹਾਂ ਹੀ ਹੁਣ ਸਾਰੇ ਪੰਜਾਬ ਵਿਚ ਨਿਗਮ ਚੋਣਾਂ ਦੌਰਾਨ ਸੱਤਾਧਾਰੀ ਪਾਰਟੀ ਵਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਪਟਿਆਲਾ ਵਿਚ ਹੋਈ ਧੱਕੇਸ਼ਾਹੀ ਦਾ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵਾਲਿਆਂ ਨੇ ਆਪਣੇ ਹੀ ਬੰਦਿਆਂ ਰਾਹੀਂ ਧੱਕੇਸ਼ਾਹੀਆਂ ਕਰਵਾਈਆਂ ਹਨ। ਉਨ੍ਹਾਂ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਨੂੰ ਲੈ ਕੇ ਵੀ ਸੂਬੇ ’ਚ ਆਮ ਆਦਮੀ ਪਾਰਟੀ ’ਤੇ ਸਵਾਲ ਚੁੱਕੇ ਹਨ। ਇਸੇ ਦੌਰਾਨ ਕਿਸਾਨਾਂ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਸੱਦੀ ਜਾਣੀ ਚਾਹੀਦੀ ਹੈ।