ਟਿਕੈਤ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਹੋਣ ਦਾ ਸੱਦਾ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 22ਵੇਂ ਦਿਨ ਵੀ ਜਾਰੀ ਹੈ। ਇਸਦੇ ਚੱਲਦਿਆਂ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਚਿੰਤਾਜਨਕ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ਨੇ ਮੁੜ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ ਹੈ। ਟਿਕੈਤ ਨੇ ਡੱਲੇਵਾਲ ਦੀ ਨਿੱਘਰਦੀ ਸਿਹਤ ’ਤੇ ਫਿਕਰ ਜਤਾਇਆ ਹੈ। ਪਿਛਲੇ ਹਫਤੇ ਡੱਲੇਵਾਲ ਨੂੰ ਖਨੌਰੀ ਬਾਰਡਰ ’ਤੇ ਮਿਲਣ ਵਾਲੇ ਟਿਕੈਤ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਆਪਣੀਆਂ ਮੰਗਾਂ ਦੀ ਹਮਾਇਤ ਲਈ ਸਾਂਝੀ ਲੜਾਈ ਵਾਸਤੇ ‘ਇਕਜੁੱਟ ਰਹਿਣਾ’ ਹੋਵੇਗਾ। ਇਸ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀ ਸੰਯੁਕਤ ਕਿਸਾਨ ਮੋਰਚੇ ਨੂੰ ਪੱਤਰ ਲਿਖ ਕੇ ਪੰਜਾਬ ਹਰਿਆਣਾ ਦੀਆਂ ਸਰਹੱਦਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨਾਂ ਦੀ ਮਜ਼ਬੂਤੀ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਸੀ।