ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ‘ਚ ਸੈਰ ਸਪਾਟੇ ਦੇ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਫਰਵਰੀ ਮਹੀਨੇ ‘ਚ ਸੂਬੇ ‘ਚ ਰੰਗਲਾ ਪੰਜਾਬ ਫੈਸਟੀਵਲ ਕਰਵਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ‘ਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ‘ਚ ਕਿਹਾ ਕਿ ਇਹ ਮੇਲਾ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਲਈ ਪ੍ਰੇਰਕ ਵਜੋਂ ਕੰਮ ਕਰੇਗਾ, ਜਿਸ ਨਾਲ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾ ਸਕਣਗੇ।
ਮੁੱਖ ਮੰਤਰੀ ਮਾਨ ਨੇ ਪੂਰੇ ‘ਚ ਵਿਰਾਸਤੀ ਮੇਲੇ ਕਰਵਾਉਣ ਦੇ ਨਿਰਦੇਸ਼ ਦਿੱਤੇ ਤੇ ਸੈਰ-ਸਪਾਟਾ ਵਿਭਾਗ ਨੂੰ ਪ੍ਰਗਤੀ ਮੈਦਾਨ ਦੀ ਤਰਜ਼ ‘ਤੇ ਅਤਿ-ਆਧੁਨਿਕ ਸੰਮੇਲਨ ਕੇਂਦਰਾਂ ਦੀ ਸਥਾਪਨਾ ਦੀ ਸੰਭਾਵਨਾ ਤਲਾਸ਼ਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਹ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ, ਲੁਧਿਆਣਾ ਤੇ ਨਿਊ ਚੰਡੀਗੜ੍ਹ ਵਰਗੇ ਵੱਡੇ ਸ਼ਹਿਰਾਂ ਵਿੱਚ ਸਥਾਪਤ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਸੈਰ ਸਪਾਟਾ ਵਿਭਾਗ ਨੂੰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਸੂਬੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਹੋਰ ਵਿਕਸਤ ਕਰਨ ਲਈ ਯੋਜਨਾ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।